ਪੰਜਾਬ ‘ਚ ਧੁੰਦ ਨੂੰ ਲੈ ਕੇ ਚਿਤਾਵਨੀ ਜਾਰੀ, ਕੁਝ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਧੁੰਦ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ -0.5 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਤਾਪਮਾਨ ਰਾਜ ਵਿੱਚ ਆਮ ਤਾਪਮਾਨ ਦੇ ਨੇੜੇ ਹੀ ਹੈ। ਪੰਜਾਬ ਦੇ ਨੇੜੇ ਦੋ ਪੱਛਮੀ ਗੜਬੜੀਆਂ (WD) ਸਰਗਰਮ ਹਨ। ਜਿਨ੍ਹਾਂ ਦੇ ਕਾਰਨ ਅੱਜ ਮੌਸਮ ਵਿਭਾਗ ਨੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
ਮੌਸਮ ਵਿਗਿਆਨ ਕੇਂਦਰ ਮੁਤਾਬਕ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਨਾਲ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਧੁੰਦ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ ਸ਼ਹਿਰਾਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਮੁਤਾਬਕ ਕੁਝ ਦਿਨਾਂ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਚੰਗੀ ਧੁੱਪ ਦੇਖਣ ਨੂੰ ਮਿਲ ਰਹੀ ਹੈ। ਅੱਜ ਤੋਂ ਪੱਛਮੀ ਗੜਬੜੀ ਹੌਲੀ ਹੋਣਾ ਸ਼ੁਰੂ ਹੋਵੇਗੀ। ਜਿਸ ਤੋਂ ਬਾਅਦ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ 2 ਤੋਂ 4 ਡਿਗਰੀ ਤੱਕ ਵੱਧ ਸਕਦਾ ਹੈ। ਇਸ ਨਾਲ ਪੰਜਾਬ-ਚੰਡੀਗੜ੍ਹ ਦੇ ਲੋਕਾਂ ਨੂੰ ਠੰਢ ਤੋਂ ਥੋੜ੍ਹੀ ਰਾਹਤ ਮਿਲੇਗੀ।
ਜਲਦ ਹੀ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ 18 ਜਨਵਰੀ ਨੂੰ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜੋ ਹਿਮਾਲਿਆ ਰੇਂਜ ਨੂੰ ਪ੍ਰਭਾਵਿਤ ਕਰੇਗਾ। ਹਿਮਾਚਲ ਵਿੱਚ ਬਾਰਿਸ਼ ਦੀ ਸੰਭਾਵਨਾ ਬਣ ਰਹੀ ਹੈ। ਜਿਸ ਤੋਂ ਬਾਅਦ ਪਹਾੜਾਂ ਤੋਂ ਆਉਣ ਵਾਲੀਆਂ ਠੰਢੀਆਂ ਹਵਾਵਾਂ ਦੇ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਵਧੇਗੀ।