ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਅੱਜ ਸ਼ਨੀਵਾਰ ਤੋਂ ਅਗਲੇ 5 ਦਿਨਾਂ ਤੱਕ ਮੌਸਮ ਵਿਭਾਗ ਨੇ ਨਾ ਤਾਂ ਧੁੰਦ ਅਤੇ ਨਾ ਹੀ ਸੀਤ ਲਹਿਰ ਨੂੰ ਲੈ ਕੇ ਕੋਈ ਅਲਰਟ ਜਾਰੀ ਕੀਤਾ ਹੈ। ਪਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।ਮੌਸਮ ਵਿਭਾਗ ਅਨੁਸਾਰ ਜਿੱਥੇ ਇੱਕ ਪਾਸੇ ਪੰਜਾਬ ਵਿੱਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਹਨ, ਉੱਥੇ ਹੀ ਘੱਟੋ-ਘੱਟ ਤਾਪਮਾਨ ਵਿੱਚ ਵੀ ਮਾਮੂਲੀ ਵਾਧਾ ਦੇਖਿਆ ਜਾ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ ਕੱਲ੍ਹ ਸ਼ੁੱਕਰਵਾਰ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਦੇ ਨਾਲ ਹੀ ਹਰਿਆਣਾ ਦੀ ਸੀਮਾ ‘ਤੇ ਚੱਕਰਵਾਤੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਜਿਸ ਕਾਰਨ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਬੀਤੇ ਕੱਲ੍ਹ ਤੋਂ ਹੀ ਬੱਦਲਵਾਈ ਹੈ। ਇਸ ਕਾਰਨ ਜਿੱਥੇ ਘੱਟੋ-ਘੱਟ ਤਾਪਮਾਨ ਵਿੱਚ 2.9 ਡਿਗਰੀ ਦਾ ਵਾਧਾ ਹੋਇਆ, ਉੱਥੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਮੌਸਮ ਮਾਹਿਰਾਂ ਮੁਤਾਬਕ ਆਉਣ ਵਾਲੇ ਕੁਝ ਦਿਨਾਂ ‘ਚ ਘੱਟੋ-ਘੱਟ ਤਾਪਮਾਨ ‘ਚ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ ਅਤੇ ਇਸ ਤੋਂ ਬਾਅਦ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।
ਬੀਤੇ ਦਿਨ ਤੋਂ ਐਕਟਿਵ ਹੋਏ ਵੈਸਟਰਨ ਡਿਸਟਰਬੈਂਸ ਤੋਂ ਬਾਅਦ ਹੁਣ ਦੋ ਹੋਰ ਨਵੇਂ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। 29 ਜਨਵਰੀ ਨੂੰ ਸਰਗਰਮ ਹੋਏ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਵਿੱਚ 31 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਦੌਰਾਨ ਇੱਕ ਨਵੀਂ ਪੱਛਮੀ ਗੜਬੜੀ 1 ਜਨਵਰੀ ਨੂੰ ਸਰਗਰਮ ਹੋ ਜਾਵੇਗੀ।
ਇਸ ਦੇ ਨਾਲ ਹੀ 4 ਜਨਵਰੀ ਨੂੰ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿੱਚ ਆਈ ਇਸ ਤਬਦੀਲੀ ਕਾਰਨ ਪੰਜਾਬ ਵਿੱਚ 31 ਜਨਵਰੀ ਤੋਂ 4 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
Published on: ਜਨਵਰੀ 30, 2025 7:01 ਪੂਃ ਦੁਃ