ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ, ਖਾਸ ਕਰਕੇ ਇਸ ਦੇ ਸਰਹੱਦੀ ਖੇਤਰਾਂ ਨੂੰ: ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ, 1 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ ‘ਤੇ ਡੂੰਘੀ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਬਜ਼ਟ ਵਿੱਚ ਪੰਜਾਬ ਅਤੇ ਖਾਸ ਕਰਕੇ ਇਸ ਦੇ ਸਰਹੱਦੀ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ ਹੈ।
ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਦੀਆਂ ਨਾਜ਼ੁਕ ਲੋੜਾਂ ਅਤੇ ਖਾਸ ਕਰਕੇ ਇਸ ਦੇ ਸਰਹੱਦੀ ਜ਼ਿਲ੍ਹਿਆਂ, ਜਿਨ੍ਹਾਂ ਨੂੰ ਵਿਸ਼ੇਸ਼ ਧਿਆਨ ਅਤੇ ਸਹਾਇਤਾ ਦੀ ਲੋੜ ਹੈ, ਨੂੰ ਸੰਬੋਧਿਤ ਕਰਨ ਵਿੱਚ ਕੇਂਦਰੀ ਬਜ਼ਟ ਪੂਰੀ ਤਰ੍ਹਾਂ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਸਰਹੱਦੀ ਰਾਜ ਹੋਣ ਦੇ ਨਾਤੇ, ਪੰਜਾਬ ਨੂੰ ਵਿਲੱਖਣ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਜੋ ਕਿ ਅਨੁਕੂਲ ਹੱਲ ਦੀ ਮੰਗ ਕਰਦੇ ਹਨ, ਪਰ ਬਜਟ ਨੇ ਇਨ੍ਹਾਂ ਚਿੰਤਾਵਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਹੈ।
ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀਆਂ ਮੰਗਾਂ ‘ਤੇ ਬਜਟ ਦੀ ਚੁੱਪੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸੂਬੇ ਦੇ ਵਿਕਾਸ ਪ੍ਰਤੀ ਵਚਨਬੱਧਤਾ ਦੀ ਘਾਟ ਦਾ ਸਪੱਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਗਾਤਾਰ ਆਪਣੀਆਂ ਚਿੰਤਾਵਾਂ ਅਤੇ ਮੰਗਾਂ ਨੂੰ ਉਠਾਉਂਦਾ ਆ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਹੈ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਦੀ ਅਣਗਹਿਲੀ ਦੇ ਬਾਵਜੂਦ ਪੰਜਾਬ ਨੂੰ ਇੱਕ ਖੁਸ਼ਹਾਲ ਅਤੇ ਵਿਕਸਤ ਸੂਬੇ ਵਜੋਂ ਉਸਾਰਨ ਦੇ ਆਪਣੇ ਮਿਸ਼ਨ ਤੋਂ ਪਿੱਛੇ ਨਹੀਂ ਹਟਾਂਗੇ।
Published on: ਫਰਵਰੀ 1, 2025 7:09 ਬਾਃ ਦੁਃ