ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ 26 ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ, 14 ਫਰਵਰੀ: ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਕੀਤੇ ਗਏ ਕਈ ਉਪਰਾਲਿਆਂ ਦੇ ਚਲਦਿਆਂ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਸ਼ਹੀਦ ਸੈਨਿਕਾਂ ਦੇ 26 ਆਸ਼ਰਿਤਾਂ ਨੂੰ ਸਰਕਾਰੀ ਨੌਕਰੀਆਂ ਦੀ ਮਨਜੂਰੀ ਦਿੱਤੀ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਥਿਰਤਾ ਪ੍ਰਦਾਨ ਕਰਨਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹਰੇਕ ਸ਼ਹੀਦ ਦੇ ਪਰਿਵਾਰ ਦੇ ਇੱਕ ਯੋਗ ਮੈਂਬਰ ਨੂੰ ਉਨ੍ਹਾਂ ਦੀ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਸੈਨਿਕਾਂ ਦੇ 26 ਆਸ਼ਰਿਤਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਕਦਮ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਹੈ।
ਮੰਤਰੀ ਨੇ ਅੱਗੇ ਕਿਹਾ, “ਸਾਡੇ ਸ਼ਹੀਦਾਂ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਦਾ ਮੁੱਲ ਕਦੇ ਵੀ ਮੋੜਿਆ ਨਹੀਂ ਜਾ ਸਕਦਾ, ਪਰ ਇਹ ਸਾਡਾ ਨੈਤਿਕ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੇ ਪਰਿਵਾਰਾਂ ਨੂੰ ਸਮਾਜਿਕ ਅਤੇ ਆਰਥਿਕ ਸਹਾਇਤਾ ਦੇਈਏ। ਸਾਡੀ ਸਰਕਾਰ ਇਨ੍ਹਾਂ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਇਹ ਪਹਿਲਕਦਮੀ ਨਾ ਸਿਰਫ਼ ਸਾਡੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦਿੰਦੀ ਹੈ, ਸਗੋਂ ਉਨ੍ਹਾਂ ਦੇ ਅਜ਼ੀਜ਼ਾਂ ਨੂੰ ਅਤਿ ਲੋੜੀਂਦੀ ਵਿੱਤੀ ਸਹਾਇਤਾ ਅਤੇ ਸਥਿਰਤਾ ਵੀ ਪ੍ਰਦਾਨ ਕਰਦੀ ਹੈ, ਜੋ ਸਮਾਜਿਕ ਨਿਆਂ ਅਤੇ ਦੇਸ਼ ਦੀ ਸੇਵਾ ਕਰਨ ਵਾਲਿਆਂ ਦੀ ਭਲਾਈ ਪ੍ਰਤੀ ਸੂਬੇ ਦੇ ਸਮਰਪਣ ਨੂੰ ਹੋਰ ਮਜ਼ਬੂਤ ਕਰਦੀ ਹੈ।
Published on: ਫਰਵਰੀ 14, 2025 8:50 ਬਾਃ ਦੁਃ