ਗੁਰਦਾਸਪੁਰ, 22 ਫਰਵਰੀ, ਦੇਸ਼ ਕਲਿੱਕ ਬਿਓਰੋ :
ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਕਾਂਗਰਸ ਦੇ ਜਨਰਲ ਸਕੱਤਰ, ਰਾਜਸਥਾਨ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਪਾਰਟੀ ਦਾ ਅਨੁਸ਼ਾਸਨ ਤੋੜਨ ਵਾਲਿਆਂ ਖ਼ਿਲਾਫ਼ ਸਮੇਂ ਸਿਰ ਕਾਰਵਾਈ ਤੇ ਜ਼ੋਰ ਦਿੱਤਾ ਉਨ੍ਹਾਂ ਆਖਿਆ ਕਿ ਹਾਲਾਤ ਕਾਬੂ ਤੋਂ ਬਾਹਰ ਹੋਣ ਤੋਂ ਪਹਿਲਾਂ ਸਹੀ ਸਮੇਂ ਕਾਰਵਾਈ ਦੀ ਲੋੜ ਹੈ। ਰੰਧਾਵਾ ਨੇ ਇਕ ਬਿਆਨ ਵਿੱਚ ਆਖਿਆ ਕਿ ਕੁਝ ਲੀਡਰ ਖੁਦ ਨੂੰ ਪਾਰਟੀ ਨਾਲੋਂ ਵੱਡਾ ਸਮਝਦੇ ਹਨ। ਉਨ੍ਹਾਂ ਨੇ ਪਾਰਟੀ ਲਈ ਮੁਸੀਬਤ ਪੈਦਾ ਕਰਨ ਵਾਲੇ ਅਜਿਹੇ ਲੀਡਰਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ।
ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਾ ਵੜਿੰਗ ਦੀ ਹਮਾਇਤ ਕਰਦਿਆਂ ਆਖਿਆ ਕਿ ਹਰ ਕਾਂਗਰਸੀ ਉਨ੍ਹਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੂੰ ਕਾਂਗਰਸ ਹਾਈਕਮਾਂਡ ਨੇ ਪੰਜਾਬ ਦਾ ਪ੍ਰਧਾਨ ਬਣਾਇਆ ਹੈ ਤੇ ਉਹ ਹਰ ਕਾਂਗਰਸੀ ਲਈ ਸਤਿਕਾਰਯੋਗ ਹਨ । ਰੰਧਾਵਾ ਨੇ ਕਿਹਾ ਕਿ ਇਸ ਸਮੇਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲਈ 8 ਤੋਂ 9 ਦਾਅਵੇਦਾਰ ਹਨ। ਰੰਧਾਵਾ ਨੇ ਕਿਸੇ ਲੀਡਰ ਦਾ ਨਾਂ ਲਏ ਬਗੈਰ ਕਿਹਾ ਕਿ ਕੋਈ ਵੀ ਪਾਰਟੀ ਦੇ ਖਿਲਾਫ ਬੋਲ ਕੇ ਪ੍ਰਧਾਨ ਨਹੀਂ ਬਣ ਸਕਦਾ।
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸੇ ਦਾ ਨਾਂ ਤਾਂ ਨਹੀਂ ਲਿਆ ਪਰ ਉਹਨਾਂ ਦਾ ਬਿਆਨ ਅਜਿਹੇ ਸਮੇਂ ਵਿੱਚ ਆਇਆ ਹੈ ਜੱਦੋਂ ਕਾਂਗਰਸ ਵਿਧਾਇਕ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਖਿਲਾਫ ਤਿੱਖੀਆਂ ਟਿੱਪਣੀਆਂ ਕੀਤੀਆਂ ਗਈਆਂ ਹਨ।
Published on: ਫਰਵਰੀ 22, 2025 5:39 ਬਾਃ ਦੁਃ