ਨਵੀਂ ਦਿੱਲੀ, 4 ਮਾਰਚ, ਦੇਸ਼ ਕਲਿਕ ਬਿਊਰੋ :
ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਇਸ ਮਹੀਨੇ ਯਾਨੀ ਮਾਰਚ 2025 ਤੋਂ 1.5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਹ ਨਿਯਮ ਪ੍ਰਾਈਵੇਟ ਹਸਪਤਾਲਾਂ ਲਈ ਵੀ ਲਾਜ਼ਮੀ ਹੋਵੇਗਾ। ਇਸ ਪ੍ਰਣਾਲੀ ਨੂੰ ਦੇਸ਼ ਭਰ ਵਿੱਚ ਲਾਗੂ ਕੀਤਾ ਜਾਵੇਗਾ। NHAI ਇਸ ਲਈ ਨੋਡਲ ਏਜੰਸੀ ਵਜੋਂ ਕੰਮ ਕਰੇਗੀ।
ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੇ ਇੱਕ ਅਧਿਕਾਰੀ ਅਨੁਸਾਰ ਮੋਟਰ ਵਹੀਕਲ ਐਕਟ 1988 ਦੀ ਧਾਰਾ 162 ਵਿੱਚ ਪਹਿਲਾਂ ਹੀ ਇਸ ਸਕੀਮ ਲਈ ਸੋਧ ਕੀਤੀ ਜਾ ਚੁੱਕੀ ਹੈ। ਇਸ ਯੋਜਨਾ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਤੋਂ ਪਹਿਲਾਂ ਪਿਛਲੇ 5 ਮਹੀਨਿਆਂ ਵਿੱਚ ਪੁਡੂਚੇਰੀ, ਅਸਾਮ, ਹਰਿਆਣਾ ਅਤੇ ਪੰਜਾਬ ਸਮੇਤ 6 ਰਾਜਾਂ ਵਿੱਚ ਇੱਕ ਪਾਇਲਟ ਪ੍ਰੋਜੈਕਟ ਚਲਾਇਆ ਗਿਆ ਸੀ, ਜੋ ਸਫਲ ਰਿਹਾ।
NHAI ਅਧਿਕਾਰੀ ਨੇ ਕਿਹਾ ਕਿ ਜਿਵੇਂ ਹੀ ਪੁਲਸ ਜਾਂ ਕੋਈ ਆਮ ਨਾਗਰਿਕ ਜਾਂ ਸੰਸਥਾ ਜ਼ਖਮੀ ਨੂੰ ਹਸਪਤਾਲ ਲੈ ਕੇ ਜਾਵੇਗੀ, ਉਸ ਦਾ ਇਲਾਜ ਤੁਰੰਤ ਸ਼ੁਰੂ ਹੋ ਜਾਵੇਗਾ। ਇਸ ਲਈ ਕੋਈ ਫੀਸ ਨਹੀਂ ਦੇਣੀ ਪਵੇਗੀ। ਜ਼ਖਮੀਆਂ ਦੇ ਨਾਲ ਪਰਿਵਾਰਕ ਮੈਂਬਰ ਹੋਣ ਜਾਂ ਨਾ, ਹਸਪਤਾਲ ਉਨ੍ਹਾਂ ਦੀ ਦੇਖਭਾਲ ਕਰੇਗਾ। ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣਾ ਹੋਵੇਗਾ।
Published on: ਮਾਰਚ 4, 2025 9:13 ਪੂਃ ਦੁਃ