ਚੰਡੀਗੜ੍ਹ, 5 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਮੂਲ ਦੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਨੂੰ ਮੋਗਾ ਦੀ ਅਦਾਲਤ ਨੇ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਉਨ੍ਹਾਂ ਦੇ ਵਕੀਲ ਜਸਪਾਲ ਸਿੰਘ ਮੰਜਪੁਰ ਨੇ ਸਾਂਝੀ ਕੀਤੀ ਹੈ। ਜੱਗੀ ਜੌਹਲ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।
ਜੱਗੀ ਜੌਹਲ ਦੇ ਵਕੀਲ ਜਸਪਾਲ ਸਿੰਘ ਮੰਜਪੁਰ ਨੇ ਕਿਹਾ ਕਿ ਉਹ ਬਾਕੀ ਤਿੰਨ ਸਾਥੀਆਂ ਨੂੰ ਦੋਸ਼ੀ ਠਹਿਰਾਏ ਜਾਣ ਵਿਰੁੱਧ ਹਾਈ ਕੋਰਟ ਵਿੱਚ ਅਪੀਲ ਕਰਨਗੇ।
ਜਿਕਰਯੋਗ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰੇਮੀ ਗੁਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਦਾ ਕੇਸ ਦਰਜ ਕੀਤਾ ਗਿਆ। ਇਸ ‘ਚ ਜੱਗੀ ਜੌਹਲ ਅਤੇ 3 ਹੋਰ ਲੋਕਾਂ ਦੇ ਨਾਂ ਸ਼ਾਮਲ ਸਨ। ਐਡਵੋਕੇਟ ਜਸਪਾਲ ਸਿੰਘ ਮੰਜਪੁਰ ਨੇ ਦੱਸਿਆ ਕਿ ਇਹ ਸਾਲ 2016 ਦਾ ਬਾਘਾ ਪੁਰਾਣਾ ਥਾਣੇ ਦਾ ਮਾਮਲਾ ਹੈ ਅਤੇ ਇਸ ਮਾਮਲੇ ਵਿੱਚ ਯੂਏਪੀਏ ਦੀ ਧਾਰਾ ਵੀ ਲਗਾਈ ਗਈ ਸੀ।
Published on: ਮਾਰਚ 5, 2025 2:00 ਬਾਃ ਦੁਃ