ਖਨੌਰੀ, 7 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 102ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਇਕ ਵਾਰ ਫਿਰ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ। ਉਨ੍ਹਾਂ ਦੇ ਪੈਰਾਂ ਵਿਚ ਸੋਜ ਆ ਰਹੀ ਹੈ, ਉਨ੍ਹਾਂ ਦੇ ਸਰੀਰ ਵਿਚ ਪਾਣੀ ਦੀ ਕਮੀ ਹੋ ਰਹੀ ਹੈ, ਅਤੇ ਪਿਸ਼ਾਬ ਰਾਹੀਂ ਜ਼ਿਆਦਾ ਪਾਣੀ ਨਿਕਲ ਰਿਹਾ ਹੈ।ਉਨ੍ਹਾਂ ਨੇ ਡਰਿੱਪ ਲਗਵਾਉਣੀ ਵੀ ਬੰਦ ਕਰ ਦਿੱਤੀ ਹੈ।ਡਾਕਟਰਾਂ ਦੀ ਟੀਮ ਉਨ੍ਹਾਂ ‘ਤੇ ਨਜ਼ਰ ਰੱਖ ਰਹੀ ਹੈ।
ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਸੱਤਵੀਂ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਣੀ ਹੈ। ਇਸ ਤੋਂ ਪਹਿਲਾਂ ਕਿਸਾਨ ਆਪਣਾ ਅੰਦੋਲਨ ਤੇਜ਼ ਕਰਨ ਵਿੱਚ ਲੱਗੇ ਹੋਏ ਹਨ। ਇਸੇ ਲੜੀ ਤਹਿਤ ਭਲਕੇ 8 ਮਾਰਚ ਨੂੰ ਕਿਸਾਨਾਂ ਵਲੋਂ ਕਿਸਾਨ ਮਹਿਲਾ ਮਹਾਪੰਚਾਇਤ ਕਰਵਾਈ ਜਾਵੇਗੀ।
8 ਮਾਰਚ ਨੂੰ ਵੀ ਕਿਸਾਨ ਆਗੂ ਸੰਘਰਸ਼ ਸਬੰਧੀ ਕੋਈ ਵੱਡਾ ਐਲਾਨ ਕਰ ਸਕਦੇ ਹਨ। ਇਸ ਦੇ ਨਾਲ ਹੀ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਮੌਜੂਦਾ ਹਾਲਾਤ ਨੂੰ ਦੇਖਦਿਆਂ ਭਵਿੱਖ ਦੀ ਰਣਨੀਤੀ ਤਿਆਰ ਕਰਨਗੇ। ਇਸ ਦੇ ਲਈ ਕਿਸਾਨਾਂ ਦੀ ਅਹਿਮ ਮੀਟਿੰਗ ਤੈਅ ਕੀਤੀ ਗਈ ਹੈ।
Published on: ਮਾਰਚ 7, 2025 8:39 ਪੂਃ ਦੁਃ