ਚੰਡੀਗੜ੍ਹ, 13 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਮੌਸਮ ਦਾ ਪਾਰਾ ਲਗਾਤਾਰ ਵੱਧ ਰਿਹਾ ਹੈ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3.9 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਤਿਹਗੜ੍ਹ ਸਾਹਿਬ ਵਿੱਚ 31.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਹਲਕੀ ਰਾਹਤ ਮਿਲੇਗੀ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 16 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਇਸ ਤੋਂ ਬਾਅਦ ਤਾਪਮਾਨ 2 ਤੋਂ 3 ਡਿਗਰੀ ਹੇਠਾਂ ਆ ਜਾਵੇਗਾ ਅਤੇ ਸਥਿਤੀ ਆਮ ਵਾਂਗ ਹੋ ਜਾਵੇਗੀ।
ਕੁਝ ਦਿਨ ਪਹਿਲਾਂ ਸਰਗਰਮ ਹੋਏ ਵੈਸਟਰਨ ਡਿਸਟਰਬੈਂਸ ਦਾ ਅਸਰ ਅੱਜ ਤੋਂ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲੇਗਾ। ਪਹਿਲਾਂ ਇਸ ਦਾ ਪ੍ਰਭਾਵ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਖੇਤਰਾਂ ਤੱਕ ਸੀਮਤ ਸੀ। ਪੱਛਮੀ ਗੜਬੜੀ ਕਾਰਨ ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਜਦਕਿ ਸ਼ੁੱਕਰਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਐਸ.ਏ.ਐਸ ਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Published on: ਮਾਰਚ 13, 2025 10:40 ਪੂਃ ਦੁਃ