‘ਆਪ‘ ਸਰਕਾਰ ਵੱਲੋਂ ਅਪਰਾਧੀਆਂ ਨੂੰ ਜੁਰਮ, ਪੰਜਾਬ ਜਾਂ ਫਿਰ ਦੁਨੀਆ ਛੱਡਣ ਦੀ ਚੇਤਾਵਨੀ : ਨੀਲ ਗਰਗ

ਪੰਜਾਬ

ਸ਼ਿਵ ਸੈਨਾ ਆਗੂ ਕਤਲ ਕੇਸ ’ਚ 24 ਘੰਟਿਆਂ ਵਿੱਚ ਅਪਰਾਧੀਆਂ ਨੂੰ ਫੜਨਾ ਇਸ ਦਾ ਸਬੂਤ- ਨੀਲ ਗਰਗ 

ਚੰਡੀਗੜ੍ਹ, 15 ਮਾਰਚ, ਦੇਸ਼ ਕਲਿੱਕ ਬਿਓਰੋ

ਮੋਗਾ ਵਿੱਚ ਸ਼ਿਵ ਸੈਨਾ ਆਗੂ ਮੰਗਤ ਰਾਏ ਦੇ ਕਤਲ ਕੇਸ ਵਿੱਚ ਪੰਜਾਬ ਪੁਲੀਸ ਵੱਲੋਂ 24 ਘੰਟਿਆਂ ਦੇ ਅੰਦਰ ਅੰਦਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੇ ਪੁਲੀਸ ਅਤੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਹੈ।

 ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਸ ਕਾਰਵਾਈ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਠੀਕ ਹੈ।  ਗਰਗ ਨੇ ਕਿਹਾ ਕਿ ਮਾਨ ਸਰਕਾਰ ਨੇ ਪੁਲਿਸ ਨੂੰ ਫਰੀ ਹੈਂਡ ਦਿੱਤਾ ਹੋਇਆ ਹੈ ਅਤੇ ਸੂਬੇ ਦਾ ਮਾਹੌਲ ਖਰਾਬ ਕਰਨ ਵਾਲੇ ਅਤੇ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਸਪੱਸ਼ਟ ਨਿਰਦੇਸ਼ ਦਿੱਤੇ ਹਨ।

‘ਆਪ’ ਬੁਲਾਰੇ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪਹਿਲੀ ਤਰਜੀਹ ਹੈ। ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸਰਕਾਰ ਕਿਸੇ ਨੂੰ ਵੀ ਅਮਨ-ਕਾਨੂੰਨ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ।

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪੁਲੀਸ ਨੇ ਪਟਿਆਲਾ ਦੇ ਅਗਵਾ ਹੋਏ ਬੱਚੇ ਨੂੰ ਵੀ ਸਹੀ ਸਲਾਮਤ ਉਸ ਦੇ ਪਰਿਵਾਰ ਨੂੰ ਵਾਪਸ ਪਹੁੰਚਾਇਆ ਅਤੇ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਅਪਰਾਧੀ ਅਤੇ ਤਸਕਰ ਜਾਂ ਤਾਂ ਪੰਜਾਬ ਛੱਡ ਕੇ ਚਲੇ ਜਾਣਗੇ ਜਾਂ ਫਿਰ ਆਪਣਾ ਕਾਰੋਬਾਰ ਛੱਡ ਦੇਣਗੇ, ਨਹੀਂ ਤਾਂ ਸਲਾਖਾਂ ਪਿੱਛੇ ਹੋਣਗੇ।

 ‘ਆਪ’ ਆਗੂ ਨੇ ਪੰਜਾਬ ਦੇ ਲੋਕਾਂ ਨੂੰ ਵੀ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜਿੱਥੇ ਕਿਤੇ ਵੀ ਤੁਹਾਡੇ ਆਲੇ-ਦੁਆਲੇ ਗੈਰ-ਕਾਨੂੰਨੀ ਗਤੀਵਿਧੀਆਂ ਹੁੰਦੀਆਂ ਹਨ, ਤੁਰੰਤ ਸਥਾਨਕ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕਰੋ। ਮਾਨ ਸਰਕਾਰ ਉਸ ਖਿਲਾਫ ਸਖਤ ਕਾਰਵਾਈ ਕਰੇਗੀ।

ਨੀਲ ਗਰਗ ਨੇ ਵੀ ਪੰਜਾਬ ਪੁਲਿਸ ਦੇ ਇਸ ਮਿਸਾਲੀ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਨੇ ਜਿਸ ਤਰ੍ਹਾਂ ਹੁਸ਼ਿਆਰੀ ਅਤੇ ਬਹਾਦਰੀ ਨਾਲ ਅਪਰਾਧੀਆਂ ਨੂੰ ਫੜਨ ਲਈ ਕੰਮ ਕੀਤਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ।  ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਪ੍ਰਸ਼ੰਸਾ ਦੀ ਹੱਕਦਾਰ ਹੈ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਦੀ ਅਪਰਾਧੀਆਂ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਚਾਹੇ ਉਹ ਗੈਂਗਸਟਰ ਹੋਣ, ਨਸ਼ਾ ਤਸਕਰ ਜਾਂ ਅਗਵਾਕਾਰ, ਉਨ੍ਹਾਂ ਲਈ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ।

Published on: ਮਾਰਚ 15, 2025 7:27 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।