ਮਹਾਨ ਸੁਤੰਤਰਤਾ ਸੈਨਾਨੀਆਂ ਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹ ਨਾਲ ਕੰਮ ਕਰ ਰਹੇ ਹਾਂ: ਮੁੱਖ ਮੰਤਰੀ

ਪੰਜਾਬ

ਲੁਧਿਆਣਾ, 18 ਮਾਰਚ: ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਦਿਨ-ਰਾਤ ਮਿਹਨਤ ਕਰ ਰਹੀ ਹੈ।

ਇੱਥੇ ਇੰਡੋਰ ਸਟੇਡੀਅਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਹਰੇਕ ਕਦਮ ਆਮ ਲੋਕਾਂ ਦੀ ਭਲਾਈ ਦੇ ਮੰਤਵ ਨਾਲ ਚੁੱਕਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਲਗਾਤਾਰ ਕੋਸ਼ਿਸ਼ਾਂ ਕਾਰਨ ਸਿੱਖਿਆ, ਸਿਹਤ, ਬਿਜਲੀ ਅਤੇ ਹੋਰ ਖ਼ੇਤਰ ਪਹਿਲੀ ਦਫ਼ਾ ਸਿਆਸੀ ਪਾਰਟੀਆਂ ਦੇ ਏਜੰਡੇ ਵਿੱਚ ਕੇਂਦਰ ਬਿੰਦੂ ਬਣੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਸਿਆਸੀ ਪਾਰਟੀ ਨੂੰ ਆਮ ਆਦਮੀ ਲਈ ਬੇਹੱਦ ਲਾਜ਼ਮੀ ਇਨ੍ਹਾਂ ਅਹਿਮ ਖ਼ੇਤਰਾਂ ਦੀ ਰੱਤੀ ਭਰ ਵੀ ਪਰਵਾਹ ਨਹੀਂ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਦਮਾਂ ਕਾਰਨ ਹੀ 56 ਇੰਚ ਦੀ ਛਾਤੀ ਹੋਣ ਦੇ ਦਮਗਜ਼ੇ ਮਾਰਨ ਵਾਲੇ ਲੀਡਰ ਹੁਣ ਅਰਵਿੰਦ ਕੇਜਰੀਵਾਲ ਤੋਂ ਡਰੇ ਹੋਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਦੇ 92 ਵਿਧਾਇਕ ਜਿਤਾ ਕੇ ਵੱਡਾ ਫਤਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਿਹੜੇ ਲੀਡਰਾਂ ਨੇ ਸੂਬੇ ਦੇ ਹਿੱਤਾਂ ਨੂੰ ਤਿਲਾਂਜਲੀ ਦਿੱਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ, ਉਹ ਹੁਣ ਆਪਣੇ ਗੁਨਾਹਾਂ ਦੀ ਸਜ਼ਾ ਭੁਗਤ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਆਗੂ 25 ਸਾਲ ਰਾਜ ਕਰਨ ਦੇ ਦਾਅਵੇ ਕਰਦੇ ਸਨ, ਉਨ੍ਹਾਂ ਕੋਲ ਹੁਣ 25 ਲੀਡਰ ਵੀ ਨਹੀਂ ਹਨ ਕਿਉਂਕਿ ਲੋਕਾਂ ਨੇ ਉਨ੍ਹਾਂ ਨੂੰ ਆਪਣੀਆਂ ਕਰਤੂਤਾਂ ਲਈ ਢੁਕਵਾਂ ਸਬਕ ਸਿਖਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੈਦਾ ਕੀਤੀ ਗੜਬੜ ਨੂੰ ਸੂਬਾ ਸਰਕਾਰ ਦਰੁਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਨਸ਼ਾ ਤਸਕਰਾਂ ਦੀ ਪੁਸ਼ਤ-ਪਨਾਹੀ ਕਰਦੀਆਂ ਸਨ ਪਰ ਹੁਣ ਸਾਡੀ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਵਿੱਢੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਬਾਰੀਕੀ ਨਾਲ ਯੋਜਨਾਬੰਦੀ ਕੀਤੀ ਗਈ ਹੈ ਅਤੇ ਨਸ਼ਿਆਂ ਵਿਰੁੱਧ ਜੰਗ ਛੇੜੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੋਂ ਇਲਾਵਾ ਸੁਬਾ ਸਰਕਾਰ ਨੇ ਇਸ ਜੁਰਮ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਸ਼ਾ ਪੀੜਤਾਂ ਦੇ ਮੁੜ-ਵਸੇਬੇ ਉਤੇ ਵੀ ਧਿਆਨ ਕੇਂਦਰਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਤੇ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਜਾਰੀ ਨਹੀਂ ਰੱਖਿਆ ਜਾ ਸਕਦਾ।

ਮੁੱਖ ਮੰਤਰੀ ਨੇ ਲੁਧਿਆਣਾ ਜ਼ਿਲ੍ਹੇ ਦੇ ਨਾਰੰਗਵਾਲ ਪਿੰਡ ਦੀ ਮਿਸਾਲ ਦਿੱਤੀ ਜਿੱਥੇ ਪਿਛਲੇ ਹਫ਼ਤੇ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ ਗਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਜਾਂ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਇਸ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਫੈਸਲਾਕੁੰਨ ਜੰਗ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਧਿਕਾਰੀ ਆਪਣੇ ਭ੍ਰਿਸ਼ਟ ਅਧਿਕਾਰੀਆਂ ਦੇ ਸਮਰਥਨ ਵਿੱਚ ਸਮੂਹਿਕ ਛੁੱਟੀ ‘ਤੇ ਜਾ ਕੇ ਭ੍ਰਿਸ਼ਟਾਚਾਰ ਦਾ ਲਾਇਸੈਂਸ ਮੰਗ ਰਹੇ ਸਨ, ਉਨ੍ਹਾਂ ਨੂੰ ਬਦਲ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਨੂੰ ਖੱਜਲ-ਖੁਆਰ ਕਰਨ ਦੀਆਂ ਚਾਲਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਹ ਸਿਆਸੀ ਆਗੂ ਮੰਨਦੇ ਹਨ ਕਿ ਉਨ੍ਹਾਂ ਕੋਲ ਸੱਤਾ ਵਿੱਚ ਰਹਿਣ ਦਾ ਇਲਾਹੀ ਹੱਕ ਹੈ, ਜਿਸ ਕਰ ਕੇ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਸੂਬੇ ਦਾ ਸ਼ਾਸਨ ਸ਼ਾਨਦਾਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਜ਼ਾਦੀ ਦੇ ਬਾਅਦ ਤੋਂ ਲੋਕਾਂ ਨੂੰ ਮੂਰਖ ਬਣਾ ਕੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰੱਖਿਆ ਹੈ, ਜਿਸ ਕਾਰਨ ਲੋਕਾਂ ਨੇ ਇਨ੍ਹਾਂ ਨੂੰ ਸਿਆਸਤ ਤੋਂ ਬਾਹਰ ਕਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਸਾਬਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਪੰਜਾਬ ਤੋਂ ਹੈ ਅਤੇ ਭਾਰਤੀ ਟੀਮ ਵਿੱਚ ਜ਼ਿਆਦਾਤਰ ਹਾਕੀ ਖਿਡਾਰੀ ਸੂਬੇ ਤੋਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਲੋੜੀਂਦਾ ਬੁਨਿਆਦੀ ਢਾਂਚਾ ਪ੍ਰਦਾਨ ਕਰ ਰਹੀ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਸਮਾਗਮ ਵਿੱਚ ਮੌਜੂਦ ਕਾਰੋਬਾਰੀਆਂ ਦਾ ਸਨਮਾਨ ਕੀਤਾ।

Published on: ਮਾਰਚ 18, 2025 7:36 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।