ਡੇਰਾ ਬਾਬਾ ਨਾਨਕ: 20 ਮਾਰਚ, ਦੇਸ਼ ਕਲਿੱਕ ਬਿਓਰੋ :
ਅੱਜ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਸਮੇਤ ਅਨੇਕਾਂ ਕਿਸਾਨ ਆਗੂਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈਣਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰਿਆਂ ‘ਤੇ ਕਿਸਾਨਾਂ ਤੇ ਜ਼ੁਲਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਲਾਗੂ ਕਰਨ ਦੀ ਬਜਾਏ ਉਲਟਾ ਉਨ੍ਹਾਂ ਨੂੰ ਥਾਣਿਆਂ ਵਿੱਚ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਸੰਭੂ ਅਤੇ ਖਨੌਰੀ ਬਾਰਡਰਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਤੇ ਪੰਜਾਬ ਸਰਕਾਰ ਅਤੇ ਪੁਲਿਸ ਦੀ ਇਹ ਕਾਰਵਾਈ ਪੰਜਾਬ ਵਿੱਚ ਹਰ ਰੋਜ਼ ਹੋ ਰਹੇ ਕਤਲ, ਬੰਬ ਧਮਾਕੇ, ਘਰਾਂ ਤੇ ਹੋ ਰਹੇ ਗਰਨੇਡ ਹਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਕੀਤੀ ਕਾਰਵਾਈ ਦਾ ਨਤੀਜਾ ਹੈ। ਇਸ ਕਾਰਵਾਈ ਦੌਰਾਨ ਰਾਤ ਦੇ ਹਨੇਰੇ ਵਿੱਚ ਸੰਭੂ ਅਤੇ ਖਨੌਰੀ ਮੋਰਚਿਆਂ ਵਿੱਚ ਡਟੀਆਂ ਬੀਬੀਆਂ ਅਤੇ ਉਨ੍ਹਾਂ ਨਾਲ ਗਏ ਛੋਟੇ ਛੋਟੇ ਬੱਚਿਆਂ ਤੱਕ ਨੂੰ ਨਹੀਂ ਬਖਸ਼ਿਆ ਗਿਆ । ਰੰਧਾਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰਾਂ ਕਿਸਾਨਾਂ ਦੇ ਨਾਲ ਖੜੀ ਹੈ ਤੇ ਉਨ੍ਹਾਂ ਉਪਰ ਸਰਕਾਰ ਵੱਲੋਂ ਕੀਤੇ ਜਾ ਰਹੇ ਅੱਤਿਆਚਾਰ ਦਾ ਡੱਟ ਕੇ ਵਿਰੋਧ ਕਰੇਗੀ ਤੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕਿ ਉਨ੍ਹਾਂ ਦਾ ਸਾਥ ਦੇਵੇਗੀ ਉਨ੍ਹਾਂ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦੇ ਕਿ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇ ਜੋ ਭਗਵੰਤ ਮਾਨ ਸਰਕਾਰ ਦੇ ਪੱਤਣ ਦੀ ਨਿਸ਼ਾਨੀ ਹੈ ।
Published on: ਮਾਰਚ 20, 2025 9:46 ਪੂਃ ਦੁਃ