ਫਰੀਦਕੋਟ 21 ਮਾਰਚ, ਦੇਸ਼ ਕਲਿੱਕ ਬਿਓਰੋ
ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਚੋਣਾਂ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਜਿਲ੍ਹਾ ਚੋਣ ਅਫ਼ਸਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਮਿਤੀ 7-1-2025 ਤੋਂ 20-3-2025 ਤੱਕ ਜਿਲ੍ਹਾ ਫਰੀਦਕੋਟ ਵਿੱਚ ਕੁੱਲ 4,92,856 ਵੋਟਰ ਦਰਜ ਹਨ। ਵੋਟਰ ਸੂਚੀ ਖੋਜ ਪੋਰਟਲ electoralsearch.eci.gov.in ਤੇ ਵੋਟਰ ਆਪਣਾ ਨਾਮ, ਵੋਟਰ ਕਾਰਡ ਨੰਬਰ, ਜਾਂ ਮੋਬਾਇਲ ਨੰਬਰ ਦੁਆਰਾ ਵੇਰਵਿਆਂ ਦੀ ਆਨਲਾਈਨ ਤਸਦੀਕ ਕਰ ਸਕਦਾ ਹੈ । ਇਸ ਤੋਂ ਇਲਾਵਾ ਕਮਿਸ਼ਨ ਦੁਆਰਾ ਬਣਾਈ ਗਈ ਵੋਟਰ ਹੈਲਪਲਾਈਨ ਐਪ ਉੱਪਰ ਆਪਣਾ ਰਜਿਸਟ੍ਰੇਸ਼ਨ ਸਟੇਟਸ, ਪੋਲਿੰਗ ਬੂਥ ਅਤੇ ਵੋਟਰ ਸੂਚੀ ਸਬੰਧੀ ਹੋਰ ਜਾਣਕਾਰੀ ਲਈ ਸੁਵਿਧਾ ਉਪਲੱਬਧ ਹੈ।
ਮੀਟਿੰਗ ਵਿੱਚ ਸ਼ਾਮਲ ਹੋਏ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨੂੰ ਬੀ.ਐਲ.ਏ ਨਿਯੁਕਤ ਕਰਨ ਸਬੰਧੀ ਅਪੀਲ ਕੀਤੀ ਗਈ ਅਤੇ ਇਸ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਆਪਣੇ ਬੀ.ਐਲ.ਏ ਨੂੰ ਹਦਾਇਤਾਂ ਜਾਰੀ ਕਰਨ ਅਤੇ ਬੀ.ਐਲ.ਓਜ਼ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ 18-19 ਸਾਲ ਦੇ ਨੌਜਵਾਨਾਂ ਨੂੰ ਵੋਟਾਂ ਬਣਾਉਣ ਲਈ ਜਾਗਰੂਕ ਕੀਤਾ ਜਾਵੇ ਤਾਂ ਜੋ 18-19 ਸਾਲ ਦੇ ਵੋਟਰਾਂ ਦੀ ਵੋਟਿੰਗ ਵਿੱਚ ਹਿੱਸੇਦਾਰੀ ਨੂੰ ਵਧਾਇਆ ਜਾ ਸਕੇ।
ਚੋਣਾਂ ਦੇ ਕੰਡਕਟ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਲੋਕ ਪ੍ਰਤੀਨਿਧਤਾ ਐਕਟ 1950 ਅਤੇ 1951, ਵੋਟਰਾਂ ਦੀ ਰਜਿਸਟ੍ਰੇਸ਼ਨ ਨਿਯਮ 1960, ਚੋਣ ਆਚਰਣ ਨਿਯਮ 1961 ਅਤੇ ਸਮੇਂ ਸਮੇ ਸਿਰ ਜਾਰੀ ਹੋਣ ਵਾਲੀਆਂ ਹੋਰ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਪਾਰਦਰਸ਼ਤਾ ਅਤੇ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਸ਼ਿਕਾਇਤ ਅਤੇ ਜਾਣਕਾਰੀ ਲਈ ਜ਼ਿਲ੍ਹਾ ਚੋਣ ਦਫ਼ਤਰ ਦੇ ਟੋਲ ਫਰੀ ਨੰਬਰ 1950 ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਤਹਿਸੀਲਦਾਰ ਚੋਣਾਂ ਹਰਜਿੰਦਰ ਕੌਰ ਤੋਂ ਇਲਾਵਾ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਅਤੇ ਹੋਰ ਹਾਜ਼ਰ ਸਨ।
Published on: ਮਾਰਚ 21, 2025 5:01 ਬਾਃ ਦੁਃ