ਬਰਨਾਲਾ, 26 ਮਾਰਚ, ਦੇਸ਼ ਕਲਿਕ ਬਿਊਰੋ :
ਬਰਨਾਲਾ ‘ਚ ਇਕ ਔਰਤ ਨੇ ਆਪਣੀ 5 ਸਾਲਾ ਬੱਚੀ ਸਮੇਤ ਨਹਿਰ ‘ਚ ਛਾਲ ਮਾਰ ਦਿੱਤੀ। ਇਹ ਘਟਨਾ ਬਰਨਾਲਾ ਦੇ ਪਿੰਡ ਕੁੱਬੇ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰਕ ਝਗੜੇ ਤੋਂ ਤੰਗ ਆ ਕੇ ਵਿਆਹੁਤਾ ਨੇ ਆਪਣੀ 5 ਸਾਲ ਦੀ ਮਾਸੂਮ ਬੇਟੀ ਸਮੇਤ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਆਸ-ਪਾਸ ਦੇ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਦੋਵਾਂ ਨੂੰ ਪਾਣੀ ‘ਚੋਂ ਬਾਹਰ ਕੱਢਿਆ। ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਬੱਚੀ ਗੁਰਨੂਰ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਔਰਤ ਦੀ ਜਾਨ ਬਚ ਗਈ। ਪੁਲਿਸ ਨੇ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਮ੍ਰਿਤਕ ਲੜਕੀ ਦੀ ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਥਾਣਾ ਧਨੌਲਾ ਦੇ ਐਸਐਚਓ ਲਖਵੀਰ ਸਿੰਘ ਨੇ ਦੱਸਿਆ ਕਿ ਬੁੱਧਵਾਰ ਨੂੰ ਉਨ੍ਹਾਂ ਨੂੰ ਪਿੰਡ ਕੁੱਬੇ ਦੇ ਸਰਪੰਚ ਹਰਦੇਵ ਸਿੰਘ ਦਾ ਫੋਨ ਆਇਆ ਕਿ ਇੱਕ ਔਰਤ ਨੇ ਆਪਣੀ ਧੀ ਸਮੇਤ ਨਹਿਰ ਵਿੱਚ ਛਾਲ ਮਾਰ ਦਿੱਤੀ ਹੈ। ਲੜਕੀ ਦੀ ਮੌਤ ਹੋ ਗਈ, ਜਦਕਿ ਔਰਤ ਬਚ ਗਈ। ਲੋਕਾਂ ਨੇ ਬੜੀ ਮੁਸ਼ਕਲ ਨਾਲ ਦੋਵਾਂ ਨੂੰ ਨਹਿਰ ‘ਚੋਂ ਬਾਹਰ ਕੱਢਿਆ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ‘ਚ ਨਹਿਰ ‘ਚ ਛਾਲ ਮਾਰਨ ਵਾਲੀ ਔਰਤ ਦੇ ਪਤੀ ਬਾਰੂ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਆਪਸ ਵਿੱਚ ਘਰੇਲੂ ਝਗੜਾ ਰਹਿੰਦਾ ਸੀ, ਜਿਸ ਕਾਰਨ ਉਕਤ ਔਰਤ ਅਕਸਰ ਆਪਣੇ ਪੇਕੇ ਘਰ ਜਾਂਦੀ ਰਹਿੰਦੀ ਸੀ ਪਰ ਕਿਸੇ ਨੂੰ ਪਤਾ ਨਹੀਂ ਸੀ ਕਿ ਬੁੱਧਵਾਰ ਨੂੰ ਔਰਤ ਨੇ ਇੰਨਾ ਵੱਡਾ ਕਦਮ ਚੁੱਕ ਲਿਆ।ਇਸ ਮਾਮਲੇ ਵਿੱਚ ਪੁਲੀਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਨਹਿਰ ਵਿੱਚ ਛਾਲ ਮਾਰਨ ਵਾਲੀ ਔਰਤ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Published on: ਮਾਰਚ 26, 2025 5:43 ਬਾਃ ਦੁਃ