ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਦੇ ਭਾਰਤ ਦੌਰੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਕਿਸਾਨ ਮਜ਼ਦੂਰ ਮੋਰਚਾ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਇਸ ਦਾ ਵਿਰੋਧ ਕੀਤਾ ਜਾਵੇਗਾ। 23 ਅਤੇ 24 ਅਪ੍ਰੈਲ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਕੇਂਦਰ ਸਰਕਾਰ ਅਤੇ ਅਮਰੀਕਾ ਦੇ ਉਪ ਰਾਸ਼ਟਰਪਤੀ ਦੇ ਪੁਤਲੇ ਫੂਕੇ ਜਾਣਗੇ।
ਕਿਸਾਨ ਆਗੂ ਸਰਬਣ ਸਿੰਘ ਪੰਧੇਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਸ਼ਾਮ ਤੱਕ ਆਪਣੇ ਐਕਸ਼ਨ ਦਾ ਐਲਾਨ ਕਰ ਦੇਵੇਗਾ। ਇਸ ਦੇ ਲਈ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਸਾਰੀਆਂ ਜਥੇਬੰਦੀਆਂ ਨੂੰ ਵੀ ਇਸ ਸਬੰਧੀ ਐਲਾਨ ਕਰਨ ਦੀ ਅਪੀਲ ਕੀਤੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿੱਚ ਗੜੇਮਾਰੀ ਅਤੇ ਹਨੇਰੀ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਅਜਿਹੀ ਸਥਿਤੀ ਵਿੱਚ ਦੋਵਾਂ ਰਾਜਾਂ ਦੀਆਂ ਸਰਕਾਰਾਂ ਨੂੰ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਜਾਂਦੀ ਹੈ। ਜਲਦੀ ਹੀ ਯੂਨੀਅਨ ਇਸ ਮਾਮਲੇ ਨੂੰ ਲੈ ਕੇ ਸਰਕਾਰ ਨਾਲ ਮੁਲਾਕਾਤ ਕਰੇਗੀ।
Published on: ਅਪ੍ਰੈਲ 21, 2025 1:00 ਬਾਃ ਦੁਃ