ਮਾਨਸਾ, 21 ਅਪ੍ਰੈਲ: ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮਕਸਦ ਨਸ਼ਿਆਂ ਦਾ ਲੱਕ ਤੋੜ ਕੇ ਨੌਜਵਾਨਾਂ ਨੂੰ ਇਸ ਦਲਦਲ ’ਚੋਂ ਬਾਹਰ ਕੱਢਣਾ ਤੇ ਨਵੀਂ ਸਵੇਰ ਵੱਲ ਲਿਜਾਣਾ ਹੈ। ਪੰਜਾਬ ਸਰਕਾਰ ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ, ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਸਿਹਤ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਜ਼ਿਲ੍ਹੇ ਅੰਦਰ ਹੁਣ ਤੱਕ ਦੀ ਕੀਤੀ ਗਈ ਕਾਰਗੁਜ਼ਾਰੀ ਦਾ ਲੇਖਾ-ਜੋਖਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ।
ਇਸ ਮੌਕੇ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਨਸ਼ਾ ਤਸਕਰਾਂ ’ਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ੇ ਦੇ ਮਰੀਜ਼ ਨਸ਼ਾ ਛੱਡਣ ਲਈ ਡਾਕਟਰੀ ਸਹਾਇਤਾ ਲੈ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕੋਈ ਵੀ ਵਿਅਕਤੀ ਨਸ਼ੇ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਨਸ਼ੇ ਛੱਡਣਾ ਚਾਹੁੰਦਾ ਹੈ ਉਸ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ ਜਿੱਥੇ ਨਾ ਕੇਵਲ ਨਸ਼ਾ ਛੁਡਵਾਇਆ ਜਾਂਦਾ ਹੈ ਬਲਕਿ ਲੋਕਾਂ ਨੂੰ ਉਨ੍ਹਾਂ ਦੇ ਭਵਿੱਖ ਸਬੰਧੀ ਵੀ ਮਾਰਗਦਰਸ਼ਨ ਕੀਤਾ ਜਾਂਦਾ ਹੈ।
ਸ੍ਰੀ ਬਲਬੀਰ ਸਿੰਘ ਨੇ ਕਿਹਾ ਕਿ ਨਸ਼ੇ ਦੀ ਸਪਲਾਈ ਲਾਈਨ ਟੁੱਟੀ ਹੈ, ਜਿਸ ਕਾਰਨ ਪੀੜਤ ਇਲਾਜ਼ ਲਈ ਨਸ਼ਾ ਮੁਕਤੀ ਕੇਂਦਰਾਂ ’ਤੇ ਆ ਰਹੇ ਹਨ ਅਤੇ ਪਹਿਲਾਂ ਦੇ ਮੁਕਾਬਲੇ ਇਹ ਗਿਣਤੀ ਵੱਧਣ ਲੱਗੀ ਹੈ। ਇਸ ਲਈ ਸਰਕਾਰ ਵੱਲੋਂ ਰਾਜ ਵਿਚ ਨਸ਼ਾ ਮੁਕਤੀ ਕੇਂਦਰਾਂ ਅਤੇ ਪੁਨਰਵਾਸ ਕੇਂਦਰਾਂ ਵਿਚ ਬਿਸਤਰਿਆਂ ਦੀ ਗਿਣਤੀ ਵਧਾਈ ਜਾ ਰਹੀ ਹੈ ਜਿਸ ਤਹਿਤ ਮਾਨਸਾ ਵਿਖੇ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਲਈ 90 ਬਿਸਤਰੇ ਹੋਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਜ਼ਿਲ੍ਹਾ ਮਾਨਸਾ ’ਚ 20 ਨਵੇਂ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ ਜਿਸ ਵਿਚ 07 ਨੂੰ ਮਾਨਸਾ, 04 ਬੁਢਲਾਡਾ, 03 ਸਰਦੂਲਗੜ੍ਹ, 02 ਖਿਆਲਾ ਕਲਾਂ ਤੈਨਾਤ ਕੀਤੇ ਗਏ ਹਨ।
ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਮੁੜ ਤੋਂ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਬਿਹਤਰ ਜਿੰਦਗੀ ਜਿਉਣ ਦਾ ਮੌਕਾ ਪ੍ਰਦਾਨ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ’ਚ ਸਕਿੱਲ ਡਿਵੈਲਪਮੈਂਟ ਕੋਰਸ ਤੋਂ ਇਲਾਵਾ ਯੋਗਾ ਕਲਾਸਾਂ ਅਤੇ ਖੇਡ ਗਤੀਵਿਧੀਆਂ ਕਰਵਾਉਣ ਨੂੰ ਮੁੱਖ ਤਰਜੀਹ ਦਿੱਤੀ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਜ ਵਿੱਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਸਕੂਲਾਂ ਦੇ ਪੱਧਰ ਤੋਂ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ।
ਕੈਬਨਿਟ ਮੰਤਰੀ ਸ੍ਰੀ ਬਲਬੀਰ ਸਿੰਘ ਨੇ ਕਿਹਾ ਕਿ ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਇਬ੍ਰੇਰੀਆਂ, ਖੇਡ ਮੈਦਾਨ, ਜਿੰਮ ਤੇ ਪਾਰਕ ਬਣਾਏ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਆਮ ਲੋਕਾਂ ਨੂੰ ਸਾਫ ਅਤੇ ਸ਼ੁੱਧ ਖਾਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਕੈਮਿਸਟਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਨਿਯਮਾਂ ਤੋਂ ਜਾਣੂ ਕਰਵਾਉਂਦਿਆਂ ਅਧਿਕਾਰਤ ਤੇ ਅਣਅਧਿਕਾਰਤ ਦਵਾਈਆਂ ਬਾਰੇ ਜਾਣੂ ਕਰਵਾਇਆ ਜਾਵੇ ਤਾਂ ਜੋ ਕਿਸੇ ਵੀ ਕੈਮਿਸਟ ’ਤੇ ਨਸ਼ੀਲੀ ਦਵਾਈ ਨਾ ਵੇਚੀ ਜਾ ਸਕੇ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਦਾ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਵਿੱਚ ਵਿਸ਼ਵਾਸ ਵੱਧ ਰਿਹਾ ਹੈ ਅਤੇ ਸਰਕਾਰ ਵਲੋਂ ਨਸ਼ਾ ਤਸਕਰਾਂ ’ਤੇ ਸ਼ਖਤ ਨਜ਼ਰਸਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐਨਰਜੀ ਡਰਿੰਕ ਸਿਹਤ ਲਈ ਬਹੁਤ ਹਾਨੀਕਾਰਕ ਹੈ ਜਿਸ ਨੂੰ ਸੂਬੇ ਦੇ ਸਕੂਲਾਂ ਵਿੱਚ ਪੂਰਨ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਨਸ਼ੇ ਤੋਂ ਪੀੜਤਾਂ ਦਾ ਸਰਕਾਰ ਵੱਲੋਂ ਮੁਫ਼ਤ ਇਲਾਜ ਕੀਤਾ ਜਾਵੇਗਾ ਪਰ ਨਸ਼ੇ ਦੀ ਤਸਕਰੀ ਵਿਚ ਲੱਗੇ ਲੋਕਾਂ ਨਾਲ ਕਾਨੂੰਨ ਕਰੜੇ ਹੱਥੀ ਨਜਿੱਠੇਗਾ ਅਤੇ ਅਜਿਹੇ ਲੋਕ ਆਪਣੇ ਅੰਤਿਮ ਮੁਕਾਮ ਜੇਲ੍ਹ ਜਾਣ ਲਈ ਤਿਆਰ ਰਹਿਣ। ਉਨ੍ਹਾਂ ਨੇ ਕਿਹਾ ਕਿ ਨਸ਼ਾ ਮੁਕਤ ਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਲਈ ਹਰ ਤਰ੍ਹਾਂ ਦੇ ਉਦਮ ਕੀਤੇ ਜਾ ਰਹੇ ਹਨ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਐਸ.ਪੀ. ਜਸਕੀਰਤ ਸਿੰਘ, ਸਿਵਲ ਸਰਜਨ ਅਰਵਿੰਦ ਪਾਲ ਤੋਂ ਇਲਾਵਾ ਸਿਹਤ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Published on: ਅਪ੍ਰੈਲ 21, 2025 4:52 ਬਾਃ ਦੁਃ