ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਪੱਛਮੀ ਗੜਬੜੀ ਦੇ ਕਮਜ਼ੋਰ ਹੋਣ ਦੇ ਬਾਵਜੂਦ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ। ਪਰ ਤਾਪਮਾਨ ਅਜੇ ਵੀ ਆਮ ਨਾਲੋਂ 2 ਡਿਗਰੀ ਵੱਧ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਭਲਕ ਤੋਂ ਪਾਰਾ ਚੜ੍ਹਨਾ ਸ਼ੁਰੂ ਹੋ ਜਾਵੇਗਾ। ਇੰਨਾ ਹੀ ਨਹੀਂ ਮੌਸਮ ਵਿਭਾਗ ਨੇ ਮੰਗਲਵਾਰ ਤੋਂ ਅਗਲੇ ਤਿੰਨ ਦਿਨਾਂ ਤੱਕ ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਗਿਆਨ ਕੇਂਦਰ ਅਨੁਸਾਰ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਸ ਦੇ ਬਾਵਜੂਦ ਤਾਪਮਾਨ ਸੂਬੇ ਦੇ ਆਮ ਔਸਤ ਨਾਲੋਂ 1.9 ਡਿਗਰੀ ਸੈਲਸੀਅਸ ਵੱਧ ਰਿਹਾ ਜੋ ਗਰਮੀ ਦੀ ਤੀਬਰਤਾ ਨੂੰ ਦਰਸਾਉਂਦਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 42.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੀਆਂ ਬਦਲੀਆਂ
ਮੌਸਮ ਵਿਭਾਗ ਨੇ ਪੰਜਾਬ ਵਿੱਚ 23 ਤੋਂ 25 ਅਪ੍ਰੈਲ ਤੱਕ ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਇਸ ਦਾ ਜ਼ਿਆਦਾ ਅਸਰ ਰਾਜਸਥਾਨ ਦੇ ਨਾਲ ਲੱਗਦੇ ਜ਼ਿਲਿਆਂ ‘ਚ ਦੇਖਣ ਨੂੰ ਮਿਲੇਗਾ। 23 ਅਪ੍ਰੈਲ ਦੀ ਗੱਲ ਕਰੀਏ ਤਾਂ ਸੂਬੇ ਦੇ ਮਾਲਵੇ ਦੇ 8 ਜ਼ਿਲ੍ਹਿਆਂ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਮਾਨਸਾ ਅਤੇ ਬਰਨਾਲਾ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ।
Published on: ਅਪ੍ਰੈਲ 22, 2025 7:27 ਪੂਃ ਦੁਃ