‘ਆਪ’ ਜਿਮਨੀ ਚੋਣਾਂ ‘ਚ ਜ਼ਮੀਨੀ ਪੱਧਰ ‘ਤੇ ਕਰੇਗੀ ਪ੍ਰਚਾਰ : ਡਾ : ਸੰਦੀਪ ਪਾਠਕ
ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ ‘ਆਪ’ ਦੇ ਕੌਮੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਅੱਜ ਪੰਜਾਬ ‘ਚ ਜ਼ਿਮਨੀ ਚੋਣ ਲਈ ਪਾਰਟੀ ਦੇ ਚਾਰ ਉਮੀਦਵਾਰਾਂ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਾਰਟੀ ਜ਼ਮੀਨੀ ਪੱਧਰ ‘ਤੇ ਚੋਣ ਪ੍ਰਚਾਰ ਕਰੇਗੀ। ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਦੇ ਸਾਰੇ ਮੈਂਬਰ ਪਿੰਡਾਂ ਵਿਚ ਵੋਟਰਾਂ ਨਾਲ ਸਰਗਰਮੀ ਨਾਲ ਮਿਲਣਗੇ ਅਤੇ ਜਨਤਾ ਦੇ ਮਹੱਤਵਪੂਰਨ ਮੁੱਦਿਆਂ ‘ਤੇ ਧਿਆਨ ਕੇਂਦਰਿਤ ਕਰਨਗੇ।
ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਰਣਨੀਤੀ ‘ਤੇ ਚਰਚਾ ਕੀਤੀ ਅਤੇ ਕਿਹਾ ਕਿ ‘ਆਪ’ ਸਾਰੀਆਂ ਚਾਰ ਸੀਟਾਂ ‘ਤੇ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਾਡੇ ਨਾਲ ਹਨ ਕਿਉਂਕਿ ਅਸੀਂ ਉਨ੍ਹਾਂ ਦੇ ਮੁੱਦਿਆਂ ਅਤੇ ਕੰਮ ‘ਤੇ ਧਿਆਨ ਕੇਂਦਰਿਤ ਕਰਦੇ ਹਾਂ।
ਪਾਠਕ ਨੇ ਭਰੋਸਾ ਪ੍ਰਗਟਾਇਆ ਕਿ ਵੋਟਰ ਸਰਕਾਰ ਦੇ ਕੰਮ ਦੇ ਆਧਾਰ ‘ਤੇ ਸਾਡੇ ਉਮੀਦਵਾਰਾਂ ਦਾ ਸਮਰਥਨ ਕਰਨਗੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇਣ ਲਈ ਪ੍ਰੇਰਿਤ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੇ ਮੁੱਦਿਆਂ ਨਾਲ ਸੰਬੰਧਿਤ ਬਣਾਈ ਗਈ ਮੁਹਿੰਮ ਨੂੰ ਵੋਟਰਾਂ ਦਾ ਅਸ਼ੀਰਵਾਦ ਅਤੇ ਸਮਰਥਨ ਮਿਲੇਗਾ।
ਉਨ੍ਹਾਂ ਨੇ ਮੁਹਿੰਮ ਦੀ ਰਣਨੀਤੀ ਦੀ ਰੂਪਰੇਖਾ ਤਿਆਰ ਕੀਤੀ ਹੈ, ਜਿਸ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ ‘ਆਪ’ ਆਗੂਆਂ ਦੀ ਸ਼ਮੂਲੀਅਤ ਨਾਲ ਰੋਡ ਸ਼ੋਅ ਅਤੇ ਛੋਟੀਆਂ ਮੀਟਿੰਗਾਂ ਸ਼ਾਮਲ ਹਨ। ਪਾਠਕ ਨੇ ਕਿਹਾ ਕਿ ਸਖ਼ਤ ਮਿਹਨਤ ਅਤੇ ਲਗਨ ਨਾਲ ਚੋਣਾਂ ਵਿੱਚ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਦੇ ਸੀਨੀਅਰ ਆਗੂ ਹਰਚੰਦ ਸਿੰਘ ਬਰਸਟ, ਜਗਰੂਪ ਸਿੰਘ ਸੇਖਵਾਂ ਸਮੇਤ ਜ਼ਿਮਨੀ ਚੋਣ ਦੇ ਉਮੀਦਵਾਰ ਹਾਜ਼ਰ ਸਨ।
ਮੌਜੂਦਾ ਸਿਆਸੀ ਹਾਲਾਤ ਨੂੰ ਲੈਕੇ ਉਨ੍ਹਾਂ ਨੇ ਪੰਜਾਬ ਵਿੱਚ ਗੰਦੀ ਰਾਜਨੀਤੀ ਖੇਡਣ ਲਈ ਭਾਜਪਾ ਦੀ ਆਲੋਚਨਾ ਕੀਤੀ। ਉਨ੍ਹਾਂ ‘ਆਪ’ ਅਤੇ ਇਸ ਦੇ ਆਗੂਆਂ ਵਿਰੁੱਧ ਕੇਂਦਰ ਸਰਕਾਰ ਦੀਆਂ ਲਗਾਤਾਰ ਸਾਜ਼ਿਸ਼ਾਂ ਨੂੰ ਉਜਾਗਰ ਕੀਤਾ ਅਤੇ ਦਾਅਵਾ ਕੀਤਾ ਕਿ ਭਾਜਪਾ ਆਪ ਦੇ ਵਾਧੇ ਤੋਂ ਨਿਰਾਸ਼ ਹੈ ਅਤੇ ਵੋਟਰਾਂ ਨੂੰ ‘ਆਪ’ ਦਾ ਸਮਰਥਨ ਨਾ ਕਰਨ ਲਈ ਧਮਕੀਆਂ ਦੇ ਰਹੀ ਹੈ।
ਪਾਠਕ ਨੇ ਭਰੋਸਾ ਦਿਵਾਇਆ ਕਿ ਪਾਰਟੀ ਚਾਰੋਂ ਵਿਧਾਨ ਸਭਾ ਸੀਟਾਂ ‘ਤੇ ਜ਼ੋਰਦਾਰ ਢੰਗ ਨਾਲ ਚੋਣ ਲੜੇਗੀ। ਅਸੀਂ ਜਨਤਾ ਦੀ ਸੇਵਾ ਕਰਨ ਲਈ ਵਚਨਬੱਧ ਹਾਂ। ਉਨ੍ਹਾਂ ਵੋਟਰਾਂ ਨੂੰ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਵਿਕਾਸ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ।