ਡਾ. ਬਲਬੀਰ ਸਿੰਘ ਵੱਲੋਂ ਮਾਸ ਮੀਡੀਆ ਵਿੰਗ ਨੂੰ ‘ਸਿਹਤਮੰਦ ਅਤੇ ਰੰਗਲਾ ਪੰਜਾਬ’ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕਰਨ ਦੇ ਨਿਰਦੇਸ਼

ਪੰਜਾਬ

ਚੰਡੀਗੜ੍ਹ, 23 ਅਕਤੂਬਰ: ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਸਿਹਤਮੰਦ ਪੰਜਾਬ, ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਵਿਭਾਗ ਦੇ ਮਾਸ ਐਜੂਕੇਸ਼ਨ ਐਂਡ ਮੀਡੀਆ (ਐਮ.ਈ.ਐਮ.) ਵਿੰਗ ਨੂੰ ਹਦਾਇਤ ਕੀਤੀ ਹੈ ਕਿ ਉਹ ਸਿਹਤ ਸੁਧਾਰ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸਬੰਧੀ ਢੁਕਵੀਂ ਤੇ ਸਟੀਕ ਜਾਣਕਾਰੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਹੇਠਲੇ ਪੱਧਰ ਤੱਕ ਪਹੁੰਚ ਸਕੇ।

ਬੁੱਧਵਾਰ ਨੂੰ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ: ਬਲਬੀਰ ਸਿੰਘ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜਨ ਸੰਚਾਰ ਬਿਮਾਰੀਆਂ ਨੂੰ ਕੰਟਰੋਲ ਕਰਨ ਅਤੇ ਰੋਕਥਾਮ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ’ਚ ਵਿੱਦਿਅਕ ਅਤੇ ਸੰਚਾਰ ਗਤੀਵਿਧੀਆਂ ਨੂੰ ਯਕੀਨੀ ਬਣਾਉਂਦੇ ਹੋਏ ਲੋਕਾਂ ਨੂੰ ਸਹੀ ਅਤੇ ਢੁਕਵੀਂ ਜਾਣਕਾਰੀ ਦਾ ਪ੍ਰਸਾਰ ਕਰਨਾ ਐਮ.ਈ.ਐਮ. ਵਿੰਗ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਇਹ ਵਿੰਗ ਵਿਭਾਗ ਦੀਆਂ ਅੱਖਾਂ ਅਤੇ ਕੰਨ ਹਨ ਅਤੇ ਸਰਕਾਰ ਉਨ੍ਹਾਂ ਤੋਂ ਆਸ ਕਰਦੀ ਹੈ ਕਿ ਉਹ ਵਿਭਾਗ ਅੰਦਰ ਸੂਚਨਾ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਉਂਦੇ ਹੋਏ ਸਿਹਤ ਵਿਭਾਗ ਦੀਆਂ ਯੋਜਨਾਵਾਂ ਤੇ ਸਿਹਤ ਸੰਬੰਧੀ ਆਮ ਜਾਣਕਾਰੀ ਨੂੰ ਆਮ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਗੇ।

‘ਹਰ ਸ਼ੁਕਰਵਾਰ, ਡੇਂਗੂ ਉਤੇ ਵਾਰ’ ਮੁਹਿੰਮ ਦਾ ਹਵਾਲਾ ਦਿੰਦੇ ਹੋਏ, ਡਾ ਬਲਬੀਰ ਸਿੰਘ ਨੇ ਕਿਹਾ , “ਅਸੀਂ ਪਿਛਲੇ ਸਾਲਾਂ ਦੇ ਮੁਕਾਬਲੇ ਰਾਜ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਕਮੀ ਦੇਖੀ ਹੈ, ਜੋ ਕਿ ਇਸ ਬਿਮਾਰੀ ਵਿਰੁੱਧ ਸਾਡੀ ਜਾਗਰੂਕਤਾ ਮੁਹਿੰਮ ਦਾ ਪ੍ਰਤੱਖ ਨਤੀਜਾ ਹੈ।’’

ਡਾ ਬਲਬੀਰ ਸਿੰਘ ਨੇ ਦੱਸਿਆ ਕਿ ਆਗਾਮੀ ਜਾਗਰੂਕਤਾ ਮੁਹਿੰਮ ਛੂਤ ਅਤੇ ਦੂਜੀਆਂ ਬਿਮਾਰੀਆਂ ਦੀ ਰੋਕਥਾਮ ’ਤੇ ਕੇਂਦਰਿਤ ਹੋਵੇਗੀ। ਆਉਣ ਵਾਲੇ ਦਿਨਾਂ ਵਿੱਚ, ਸਾਰੇ ਜ਼ਿਲਿ੍ਹਆਂ ਵਿੱਚ ਸੂਬਾ ਸਰਕਾਰ ਵੱਲੋਂ ਚਲਾਈਆਂ ਗਈਆਂ ਫੂਡ ਸੇਫਟੀ ਵੈਨਾਂ ਰਾਹੀਂ ਲੋਕਾਂ ਨੂੰ ਭੋਜਨ ਵਿੱਚ ਮਿਲਾਵਟ ਨੂੰ ਰੋਕਣ ਲਈ ਜਾਗਰੂਕ ਕੀਤਾ ਜਾਵੇਗਾ।

ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਜਸਮਿੰਦਰ ਵੀ ਹਾਜ਼ਰ ਸਨ ।

Latest News

Latest News

Leave a Reply

Your email address will not be published. Required fields are marked *