ਮੋਗਾ, 4 ਨਵੰਬਰ, ਦੇਸ਼ ਕਲਿਕ ਬਿਊਰੋ :
ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਐਤਵਾਰ ਨੂੰ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਲੈ ਕੇ ਦੋ ਉਪ ਮੰਡਲ ਮੈਜਿਸਟ੍ਰੇਟ ਅਤੇ ਦੋ ਸਟੇਸ਼ਨ ਹਾਊਸ ਅਫ਼ਸਰਾਂ ਸਮੇਤ ਕਈ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਮੋਗਾ ਵਿੱਚ ਹੁਣ ਤੱਕ ਅੱਗ ਲੱਗਣ ਦੀਆਂ 87 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।
ਐਸਡੀਐਮ (ਮੋਗਾ) ਸਾਰੰਗਪ੍ਰੀਤ ਸਿੰਘ ਔਜਲਾ ਅਤੇ ਐਸਡੀਐਮ (ਬਾਘਾਪੁਰਾਣਾ) ਬੇਅੰਤ ਸਿੰਘ ਸਿੱਧੂ ਨੂੰ ਕਾਰਨ ਦੱਸੋ ਨੋਟਿਸ ਦਿੱਤੇ ਗਏ ਹਨ। ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਨਿਹਾਲ ਸਿੰਘ ਵਾਲਾ) ਰੁਪਿੰਦਰ ਕੌਰ, ਐਸ.ਐਚ.ਓ (ਬਾਘਾਪੁਰਾਣਾ) ਜਸਵਿੰਦਰ ਸਿੰਘ, ਐਸ.ਐਚ.ਓ (ਧਰਮਕੋਟ) ਜਤਿੰਦਰ ਸਿੰਘ, ਕਲੱਸਟਰ ਅਫਸਰ ਸੁਖਵਿੰਦਰ ਸਿੰਘ, ਮਨਮੋਹਨ ਸਿੰਘ, ਨੋਡਲ ਅਫਸਰ (ਪਿੰਡ ਭਿੰਡਰ ਕਲਾਂ) ਪ੍ਰਭਦੀਪ ਸਿੰਘ, ਰਾਕੇਸ਼ ਕੁਮਾਰ, ਸੰਜੀਵਨ ਕੁਮਾਰ,ਪਰਗਟਜੀਤ ਸਿੰਘ, ਬਲਵਿੰਦਰ ਸਿੰਘ, ਦਵਿੰਦਰ ਸਿੰਘ ਅਤੇ ਜਗਸੀਰ ਸਿੰਘ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ।
ਡੀਸੀ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।