ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿਕ ਬਿਊਰੋ :
ਆਈਏਐਸ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ 33 ਸਾਲ ਪੁਰਾਣੇ ਕਤਲ ਕੇਸ ਵਿੱਚ ਪੰਜਾਬ ਪੁਲੀਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਦਰਜ ਕੀਤੇ ਕੇਸ ਦੀ ਚਾਰ ਸਾਲ ਬਾਅਦ ਸੁਣਵਾਈ ਸ਼ੁਰੂ ਹੋ ਗਈ ਹੈ। ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਦਸੰਬਰ 2020 ਵਿੱਚ ਸੈਣੀ ਖ਼ਿਲਾਫ਼ ਕਤਲ ਸਮੇਤ ਸੱਤ ਧਾਰਾਵਾਂ ਤਹਿਤ ਚਾਰਜਸ਼ੀਟ ਦਾਖ਼ਲ ਕੀਤੀ ਸੀ।
ਉਸ ਚਾਰਜਸ਼ੀਟ ਦੀ ਕਾਪੀ ਸੋਮਵਾਰ ਨੂੰ ਮੁਹਾਲੀ ਅਦਾਲਤ ਵਿੱਚ ਸੈਣੀ ਦੇ ਵਕੀਲਾਂ ਅਤੇ ਸਾਬਕਾ ਡੀਐਸਪੀ ਕੇਆਈਪੀ ਨੂੰ ਸੌਂਪੀ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 26 ਨਵੰਬਰ ਲਈ ਤੈਅ ਕੀਤੀ ਗਈ ਹੈ। ਹਾਲਾਂਕਿ ਸੈਣੀ ਇਸ ਦੌਰਾਨ ਪੇਸ਼ ਨਹੀਂ ਹੋਏ।ਐੱਸਆਈਟੀ ਵੱਲੋਂ ਸੈਣੀ ਖ਼ਿਲਾਫ਼ ਆਈਪੀਸੀ ਦੀ ਧਾਰਾ 302, 364, 201, 344, 330, 219 ਅਤੇ 120 ਤਹਿਤ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ।
ਚਾਰਜਸ਼ੀਟ 500 ਪੰਨਿਆਂ ਦੀ ਹੈ। ਇਸ ਵਿੱਚ ਕਰੀਬ 47 ਗਵਾਹ ਬਣਾਏ ਗਏ ਹਨ। ਇਸ ਦੇ ਨਾਲ ਹੀ ਪੁਲੀਸ ਨੇ ਇਸ ਕੇਸ ਵਿੱਚ ਸਾਬਕਾ ਸਬ ਇੰਸਪੈਕਟਰ ਜਗੀਰ ਸਿੰਘ ਅਤੇ ਥਾਣਾ ਮੁਖੀ ਕੁਲਦੀਪ ਸਿੰਘ ਨੂੰ ਗਵਾਹ ਬਣਾਇਆ ਹੈ। ਜਦੋਂਕਿ ਸਾਬਕਾ ਸਬ-ਇੰਸਪੈਕਟਰ ਅਨੂਪ ਸਿੰਘ ਅਤੇ ਸਬ-ਇੰਸਪੈਕਟਰ ਹਰਸ਼ਯ ਸ਼ਰਮਾ ਜਾਂਚ ਤੋਂ ਬਾਅਦ ਬੇਕਸੂਰ ਪਾਏ ਗਏ ਹਨ।
ਇਸ ਕੇਸ ਵਿੱਚ ਨਾਮਜ਼ਦ ਸਾਬਕਾ ਡੀਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਹਾਲਾਂਕਿ, ਕੇਆਈਪੀ ਸਿੰਘ ਨੂੰ ਜਾਂਚ ਟੀਮ ਨੇ ਪਹਿਲਾਂ ਹੀ ਕੇਸ ਵਿੱਚ ਨਾਮਜ਼ਦ ਕੀਤਾ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸਟੇਅ ਸੀ। ਦੂਜੇ ਪਾਸੇ ਅਦਾਲਤ ਵੱਲੋਂ ਦਿੱਤੀ ਗਈ ਛੋਟ ਕਾਰਨ ਸੁਮੇਧ ਸੈਣੀ ਅਦਾਲਤ ਵਿੱਚ ਪੇਸ਼ ਨਹੀਂ ਹੋਏ।