ਜਲੰਧਰ, 5 ਨਵੰਬਰ, ਦੇਸ਼ ਕਲਿਕ ਬਿਊਰੋ :
ਜਲੰਧਰ ‘ਚ ਅੱਜ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਤੇ ਕੇਂਦਰ ਸਰਕਾਰਾਂ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਸਵੇਰੇ ਕਰੀਬ 11 ਵਜੇ ਸ਼ੁਰੂ ਹੋਇਆ। ਜਿਸ ਤੋਂ ਬਾਅਦ ਅਕਾਲੀ ਦਲ ਦੇ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਹੱਥਾਂ ਵਿੱਚ ਪੋਸਟਰ ਲੈ ਕੇ ਨਾਅਰੇਬਾਜ਼ੀ ਕੀਤੀ ਅਤੇ ਮਾਰਚ ਕੱਢਿਆ। ਮਾਰਚ ਕੱਢਦੇ ਹੋਏ ਆਗੂ ਜਲੰਧਰ ਡੀਸੀ ਦਫ਼ਤਰ ਪੁੱਜੇ ਅਤੇ ਅਧਿਕਾਰੀਆਂ ਨੂੰ ਮਿਲੇ ਅਤੇ ਕਿਸਾਨਾਂ ਦੇ ਮਸਲੇ ਨੂੰ ਜਲਦੀ ਹੱਲ ਕਰਨ ਲਈ ਆਪਣਾ ਮੰਗ ਪੱਤਰ ਸੌਂਪਿਆ।
ਰਾਜ ਅਤੇ ਕੇਂਦਰ ਸਰਕਾਰਾਂ ਨਾਲ ਝੋਨਾ ਪ੍ਰਬੰਧਨ ਨੂੰ ਲੈ ਕੇ ਚੱਲ ਰਹੇ ਵਿਵਾਦ ਸਬੰਧੀ ਅਕਾਲੀ ਦਲ ਵੱਲੋਂ ਇਹ ਐਲਾਨ ਹਾਲ ਹੀ ਵਿੱਚ ਕੀਤਾ ਗਿਆ ਸੀ। ਅਕਾਲੀ ਦਲ ਵੱਲੋਂ ਇਹ ਪ੍ਰਦਰਸ਼ਨ ਸਵੇਰੇ 11 ਵਜੇ ਸ਼ੁਰੂ ਕੀਤਾ ਗਿਆ। ਜਿਸ ਤੋਂ ਬਾਅਦ ਸੀਨੀਅਰ ਅਕਾਲੀ ਆਗੂਆਂ ਦੀ ਪ੍ਰਧਾਨਗੀ ਹੇਠ ਜਲੰਧਰ ਦੇ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਜਲੰਧਰ ਦੇ ਸੀਨੀਅਰ ਅਕਾਲੀ ਆਗੂ ਕੁਲਵੰਤ ਸਿੰਘ ਮੰਨਣ ਨੇ ਦਿੱਤੀ।
ਇਸੇ ਦੌਰਾਨ ਅੰਮ੍ਰਿਤਸਰ ਵਿੱਚ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਵਰਕਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸੇ ਤਰ੍ਹਾਂ ਮੋਹਾਲੀ ਦੇ ਡੇਰਾਬਸੀ ‘ਚ ਅਕਾਲੀ ਦਲ ਦੇ ਚੱਲ ਰਹੇ ਪ੍ਰਦਰਸ਼ਨ ‘ਚ ਆਮ ਆਦਮੀ ਪਾਰਟੀ ਦੇ ਡੇਰਾਬਸੀ ਤੋਂ ਵਿਧਾਇਕ ਰੰਧਾਵਾ ਅਚਾਨਕ ਪਹੁੰਚੇ। ਇਸ ਦੌਰਾਨ ਉਨ੍ਹਾਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਦੀਆਂ ਮੰਗਾਂ ਦਰੁਸਤ ਹਨ ਅਤੇ ਉਨ੍ਹਾਂ ਦਾ ਹੱਲ ਲੱਭਿਆ ਜਾ ਰਿਹਾ ਹੈ।
ਇਸੇ ਤਰ੍ਹਾਂ ਫਤਹਿਗੜ੍ਹ ਸਾਹਿਬ ਅਮਲੋਹ ਤੇ ਹੋਰ ਕਈ ਥਾਈਂ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤੇ ਗਏ।