ਚੰਡੀਗੜ੍ਹ, 11 ਨਵੰਬਰ, ਦੇਸ਼ ਕਲਿਕ ਬਿਊਰੋ :
ਪਰਾਲੀ ਸਾੜਨ ਨਾਲ ਪੰਜਾਬ ਦੀ ਹਵਾ ਜ਼ਹਿਰੀਲੀ ਹੋ ਗਈ ਹੈ। ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਪੰਜਾਬ ਦੇ ਸਾਰੇ ਸ਼ਹਿਰਾਂ ਦੀ ਹਵਾ ਪਲੀਤ ਹੈ, ਮੰਡੀ ਗੋਬਿੰਦਗੜ੍ਹ ਦਾ ਸਭ ਤੋਂ ਬੁਰਾ ਹਾਲ ਹੈ। ਇੱਥੇ AQI 270 ਦਰਜ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਸੂਬੇ ‘ਚ ਠੰਡ ਵਧਣ ਲੱਗੀ ਹੈ। 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਨਾਲੋਂ 1.7 ਡਿਗਰੀ ਘੱਟ ਸੀ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 31 ਡਿਗਰੀ ਦਰਜ ਕੀਤਾ ਗਿਆ।ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਕਈ ਥਾਵਾਂ ‘ਤੇ ਸੰਘਣੀ ਧੁੰਦ ਦਾ ਸੰਤਰੀ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਵਿਜ਼ੀਬਿਲਟੀ ਪ੍ਰਭਾਵਿਤ ਹੋ ਰਹੀ ਹੈ।
ਐਤਵਾਰ ਨੂੰ ਚੰਡੀਗੜ੍ਹ ਦਾ AQI ਦਿੱਲੀ ਨੂੰ ਪਛਾੜ ਗਿਆ ਸੀ। ਚੰਡੀਗੜ੍ਹ ਦਾ AQI 339 ‘ਤੇ ਪਹੁੰਚ ਗਿਆ ਸੀ, ਜਦਕਿ ਦਿੱਲੀ ਦਾ AQI 334 ਦਰਜ ਕੀਤਾ ਗਿਆ ਸੀ। ਐਤਵਾਰ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੇ 345 ਮਾਮਲੇ ਸਾਹਮਣੇ ਆਏ ਹਨ। ਪਰਾਲੀ ਸਾੜਨ ਦੇ ਸਭ ਤੋਂ ਵੱਧ 116 ਮਾਮਲੇ ਸੰਗਰੂਰ ਵਿੱਚ ਦਰਜ ਕੀਤੇ ਗਏ ਹਨ। ਸੂਬੇ ਵਿੱਚ 2063 ਖੇਤਾਂ ਵਿੱਚ ਅੱਗ ਲੱਗਣ ਦੀਆਂ 36663 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ।