ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ

ਪੰਜਾਬ

ਮੋਹਾਲੀ, 13 ਨਵੰਬਰ 2024: ਦੇਸ਼ ਕਲਿੱਕ ਬਿਓਰੋ

ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਬਿਨਾਂ ਦੇਰੀ ਦੇ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਰਕਾਰੀ ਪ੍ਰੋਜੈਕਟਾਂ ਦੇ ਚੱਲ ਰਹੇ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਖੇਡ ਮੈਦਾਨਾਂ, ਛੱਪੜਾਂ ਦੀ ਸਾਫ਼-ਸਫਾਈ, ਸ਼ਾਮਲਾਤ ਜ਼ਮੀਨਾਂ ਤੋਂ ਨਜ਼ਾਇਜ ਕਬਜ਼ਿਆਂ ਨੂੰ ਛੁਡਵਾਉਣ, ਪਿੰਡ ਦੀ ਦਿੱਖ ਨੂੰ ਸੁਧਾਰਨ ਹਿੱਤ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਮਹਾਤਮਾ ਗਾਂਧੀ ਦਿਹਾਤੀ ਰੋਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਹੇਠ ਮਗਨਰੇਗਾ ਵਰਕਰਾਂ ਤੋਂ ਵੱਧ ਤੋਂ ਵੱਧ ਵੱਖ-ਵੱਖ ਕਾਰਜ ਕਰਵਾਉਣ ਦੇ ਨਿਰਦੇਸ਼ ਦਿੱਤੇ। ਸੋਨਮ ਚੌਧਰੀ ਨੇ ਮਗਨਰੇਗਾ ਤਹਿਤ ਪਿੰਡਾਂ ਵਿਚ ਬੂਟੇ ਲਾਉਣ, ਸਾਂਝਾ ਜਲ ਤਾਲਾਬ ਸਕੀਮ ਤਹਿਤ ਹੋਰ ਤਾਲਾਬ ਬਣਾਉਣ, ਸਕੂਲਾਂ ਵਿਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਢਾਂਚਾ ਵਿਕਸਤ ਕਰਨ, ਖੇਡ ਮੈਦਾਨ ਬਣਾਉਣ ਲਈ ਮਗਨਰੇਗਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਪੇਂਡੂ ਵਿਕਾਸ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਖੁਦ ਫੀਲਡ ਵਿਚ ਜਾ ਕੇ ਪ੍ਰੋਜੈਕਟਾਂ ਦੀ ਖੁਦ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਬਿਊਰੋ ਨੂੰ ਪਿੰਡਾਂ ਵਿੱਚ ਜਾ ਕੇ ਕੈਂਪ ਲਾਉਣ ਲਈ ਵੀ ਕਿਹਾ ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਨੇ ਸਕੂਲ ਵਿੱਚ ਮਿਲਣ ਵਾਲੇ ਮਿਡ ਡੇ ਮੀਲ ਵੱਲ ਵਧੇਰੇ ਧਿਆਨ ਦਿੰਦਿਆਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਪਾਸੋਂ ਤਿਆਰ ਕੀਤੇ ਜਾਣ ਵਾਲੇ ਖਾਣੇ ਦੀ ਕੁਆਲਿਟੀ ਚੈਕ ਕਰਵਾਈ ਜਾਵੇ ਅਤੇ ਇਸ ਦਾ ਰਜਿਸਟਰ ਵਿੱਚ ਬਕਾਇਦਾ ਇੰਦਰਾਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਖਰਾਬ ਹੋਈਆਂ ਸੜਕਾਂ ਦੀ ਮੁਰੰਮਤ ਜਲਦੀ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਡਰੇਨਜ਼ ਦੇ ਅਧਿਕਾਰੀਆਂ ਨੂੰ ਡਰੇਨਜ਼ ਦੀ ਸਫਾਈ ਵੱਲ ਵਿਸ਼ੇਸ਼ ਤੌਰ ਤੇ ਧਿਆਨ ਦੇਣ ਲਈ ਕਿਹਾ ਤਾਂ ਜੋ ਪਹਿਲਾਂ ਵਾਂਗ ਹੜ੍ਹਾਂ ਦੀ ਸਥਿਤੀ ਤੋਂ ਬਚਿਆ ਜਾ ਸਕੇ।
ਸੋਨਮ ਚੌਧਰੀ ਨੇ ਕਿਹਾ ਕਿ ਪਿੰਡਾਂ ਦੀ ਸਾਫ਼-ਸਫਾਈ ਦਾ ਜ਼ਿਲ੍ਹੇ ਦੇ ਬੀ.ਡੀ.ਪੀ.ਓਜ਼ ਖੁਦ ਨਿਰੀਖਣ ਕਰਨ। ਵਧੀਕ ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਸਮੇਤ ਸਮੂਹ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਣ ਅਤੇ ਚੱਲ ਰਹੇ ਕੰਮਾਂ ਲਈ ਨਿਜੀ ਤੌਰ ਤੇ ਦੌਰਾ ਕਰਕੇ ਧਿਆਨ ਦੇਣ ਲਈ ਕਿਹਾ। ਉਨ੍ਹਾਂ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਾਸਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮਾਂ ਦੀ ਸਮੇਂ-ਸਮੇਂ ਤੇ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਆਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੀ.ਡਬਲਿਊ.ਡੀ. ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦੇ ਬਰਮ ਮਜ਼ਬੂਤ ਕੀਤੇ ਜਾਣ ਤਾਂ ਜੋ ਪਾਣੀ ਆਉਣ ਦੀ ਸੂਰਤ ਵਿੱਚ ਸੜਕਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਪਿੰਡਾਂ ਵਿੱਚ ਸੋਲਿਡ ਅਤੇ ਲਿਕੁਅਡ ਵੈਸਟ ਅਧੀਨ ਕੰਮ ਨੂੰ ਤੇਜ਼ੀ ਨਾਲ ਮਿੱਥੇ ਸਮੇਂ ਅੰਦਰ ਮੁਕੰਮਲ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਵੱਲੋਂ ਬੀ.ਡੀ.ਪੀ.ਓਜ਼ ਨਾਲ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਯੋਜਨਾ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਵਿਅਕਤੀਆਂ ਤੱਕ ਪਹੁੰਚੇ।
ਉਨ੍ਹਾਂ ਮੀਟਿੰਗ ਦੇ ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ, ਵਿਸ਼ਵਕਰਮਾ ਯੋਜਨਾ, ਆਤਮਾ ਸਕੀਮ, ਪੀ.ਡਬਲਿਊ ਵਰਕਸ, ਸਵੱਛਤਾ ਸਰਵੇਖਣ ਆਦਿ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਵਿਭਾਗਾਂ ਨੂੰ ਵਰਤੋਂ ਸਰਟੀਫਿਕੇਟ ਜਲਦੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਐਮ.ਪੀ.ਲੈਡ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਇਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ।
ਮੀਟਿੰਗ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਪਰਾਲੀ ਪ੍ਰਬੰਧਨ ਲਈ ਚਲ ਰਹੀ ਕਰਾਪ ਰੈਜ਼ੀਡਿਊ ਮੈਨਜਮੈਂਟ ਸਕੀਮ ਅਧੀਨ ਹੁਣ ਤੱਕ 143 ਇੱਕਲੇ ਕਿਸਾਨਾਂ ਵੱਲੋਂ ਮਸ਼ੀਨਾਂ ਦੀ ਖਰੀਦ ਕੀਤੀ ਗਈ ਹੈ ਅਤੇ 12 ਕਿਸਾਨ ਗਰੁੱਪਾਂ ਵੱਲੋਂ 40 ਮਸ਼ੀਨਾਂ ਖਰੀਦ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਬਸਿਡੀ ਦੇਣ ਲਈ 4 ਕਰੋੜ 50 ਲੱਖ ਰੁਪਏ ਦੇ ਫੰਡ ਪ੍ਰਾਪਤ ਹੋਏ ਹਨ ਅਤੇ ਹੁਣ ਤੱਕ 1 ਕਰੋੜ 15 ਲੱਖ ਰੁਪਏ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਸਿੱਧੇ ਤੌਰ ਤੇ ਬੈਕਾਂ ਰਾਹੀਂ ਜਾਰੀ ਕਰਨ ਲਈ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਬਕਾਇਆ ਮਸ਼ੀਨਾਂ ਦੀ ਵੈਰੀਫਿਕੇਸ਼ਨ ਚਲ ਰਹੀ ਹੈ ਅਤੇ ਵੈਰੀਫਿਕੇਸ਼ਨ ਹੋਣ ਉਪਰੰਤ ਬਣਦੀ ਸਬਸਿਡੀ ਵੀ ਜਾਰੀ ਕਰ ਦਿੱਤੀ ਜਾਵੇਗੀ। ਏ.ਡੀ.ਸੀ. ਵੱਲੋਂ ਮੀਟਿੰਗ ਦੌਰਾਨ ਵਿਚਾਰੇ ਗਏ ਕੰਮਾਂ ਨੂੰ ਅਗਲੀ ਮੀਟਿੰਗ ਤੱਕ ਮੁਕੰਮਲ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਐੱਸ.ਡੀ.ਐੱਮ.ਖਰੜ ਗੁਰਮੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਸਮੂਹ ਬੀ.ਡੀ.ਪੀ.ਓਜ਼ ਸਮੇਤ ਪੀ.ਡਬਲੀਊ.ਡੀ. ਵਿਭਾਗ ਦੇ ਐਕਸੀਅਨ ਅਤੇ ਹੋਰਨਾ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਸ਼ਾਮਿਲ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।