ਚੰਡੀਗੜ੍ਹ, 15 ਨਵੰਬਰ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਲਈ ਥਾਂ ਦੇਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਭਾਜਪਾ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਵਿਰੋਧ ‘ਚ ਆ ਗਈਆਂ ਹਨ। ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਅੱਜ (15 ਨਵੰਬਰ) ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨਾਲ ਮੁਲਾਕਾਤ ਕਰਨ ਦਾ ਫੈਸਲਾ ਕੀਤਾ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ, ਰਾਜਪਾਲ ਨੂੰ ਮਿਲ ਕੇ ਇਹ ਮੁੱਦਾ ਉਠਾਉਣਗੇ। ਇਸ ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਨਮੋਲ ਗਗਨ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਸੀ ਕਿ ਇਸ ਮੁੱਦੇ ’ਤੇ ਸੰਘਰਸ਼ ਵਿੱਢਿਆ ਜਾਵੇਗਾ। ਨਾਲ ਹੀ ਜੇਕਰ ਅਦਾਲਤ ਵਿੱਚ ਵੀ ਜਾਣਾ ਪਿਆ ਤਾਂ ਅਸੀਂ ਪਿੱਛੇ ਨਹੀਂ ਹਟਾਂਗੇ। ਪੰਜਾਬ ਦੇ ਹੱਕਾਂ ਦਾ ਘਾਣ ਨਹੀਂ ਹੋਣ ਦਿੱਤਾ ਜਾਵੇਗਾ।