ਓਟਵਾ: 17 ਨਵੰਬਰ,ਦੇਸ਼ ਕਲਿੱਕ ਬਿਓਰੋ
ਕੈਨੇਡਾ ਸਰਕਾਰ ਗ਼ੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਵਾਲੀ ਹੈ। ਸਰਕਾਰ ਨੇ ਇਸ ਸਬੰਧੀ ਸਖਤ ਫੈਸਲਾ ਲੈਣ ਦੇ ਸੰਕੇਤ ਦਿੱਤੇ ਹਨ। ਕੈਨੇਡਾ ਦੇ ਇਮੀਗ੍ਰੇ਼ਸ਼ਨ ਮੰਤਰੀ ਮਾਰਕ ਮਿੱਲਰ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਗੈਰ ਕਾਨੂੰਨੀ ਤੌਰ ’ਤੇ ਰਹਿ ਰਹੇ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ। ਮੰਤਰੀ ਨੇ ਆਖਿਆ ਹੈ ਕਿ ਸਸਤੇ ਮਜ਼ਦੂਰਾਂ ਦੀ ਉਪਲਬਧਤਾ ਵਾਲਾ ਦੌਰ ਬੀਤੇ ਦੀ ਗੱਲ ਹੋ ਚੁੱਕੀ ਹੈ ਅਤੇ ਹੁਣ ਕੈਨੇਡੀਅਨ ਇੰਪਲਾਈਜ਼ ਨੂੰ ਉਚੀਆਂ ਉਜਰਤ ਦਰਾਂ ਉਤੇ ਕਾਮੇ ਰੱਖਣੇ ਹੋਣਗੇ। ਉਨ੍ਹਾਂ ਦਾ ਕਹਿਣਾ ਸੀ ਕਿ ਟੈਂਪਰੇਰੀ ਵੀਜ਼ਾ ਉਤੇ ਆਏ, ਪਰ ਸਮੇਂ ਸਿਰ ਵਾਪਸੀ ਨਾ ਕਰਨ ਵਾਲੇ ਵਿਅਕਤੀਆਂ ਨੂੰ ਆਉਂਦੇ ਕੁਝ ਮਹੀਨਿਆਂ ਦੌਰਾਨ ਵੱਡੀ ਗਿਣਤੀ ਵਿਚ ਡਿਪੋਰਟ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਬੀਤੇ 8 ਸਾਲਾਂ ਤੋਂ ਗੈਰ ਕਾਨੂੰਨੀ ਤੌਰ ’ਤੇ ਕੈਨੇਡਾ ਵਿਚ ਰਹਿ ਰਹੇ ਪ੍ਰਵਾਸੀਆਂ ਨੂੰ ਅਗਲੇ ਮਹੀਨਿਆਂ ਵਿਚ ਵੱਡੀ ਪੱਧਰ ’ਤੇ ਡਿਪੋਰਟ ਕੀਤਾ ਜਾਵੇਗਾ। ਇਹਨਾਂ ਕਾਮਿਆਂ ਵਿਚ ਜ਼ਿਆਦਾਤਰ ਪੰਜਾਬੀ ਕਾਮੇ ਹੋਣ ਦਾ ਖਦਸ਼ਾ ਹੈ।
ਗ੍ਰੇਟਰ ਵੈਨਕੂਵਰ ਬੋਰਡ ਆਫ ਟਰੇਡ ਵੱਲੋਂ ਕਰਵਾਏ ਸਮਾਗਮ ਵਿਚ ਪੁੱਜੇ ਇਮੀਗ੍ਰੇਸ਼ਨ ਮੰਤਰੀ ਨੇ ਅੱਗੇ ਕਿਹਾ ਕਿ ਰੁਜ਼ਗਾਰਦਾਤਾਵਾਂ ਅਤੇ ਕਾਮਿਆਂ ਦਰਮਿਆਨ ਸਭ ਤੋਂ ਮਾੜੇ ਸਬੰਧ ਦੇਖਣੇ ਹੋਣ ਤਾਂ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਸ਼੍ਰੇਣੀ ਵਿਚ ਦੇਖੇ ਜਾ ਸਕਦੇ ਹਨ, ਜਿਥੇ ਕਿਰਤੀਆਂ ਦਾ ਵੱਡੇ ਪੱਧਰ ਉਤੇ ਸ਼ੋਸ਼ਣ ਕੀਤਾ ਜਾਂਦਾ ਹੈ। ਇਹ ਗੈਰ ਕਾਨੂੰਨੀ ਪ੍ਰਵਾਸੀ ਉਹ ਲੋਕ ਹਨ ਜੋ ਵਿਜ਼ਟਰ ਵੀਜ਼ੇ ’ਤੇ ਕੈਨੇਡਾ ਆਏ ਪਰ ਵਾਪਸ ਨਹੀਂ ਗਏ। ਸਗੋਂ ਜਿਹੜੀ ਥਾਂ ਦੇ ਵੀਜ਼ੇ ਲੈ ਕੇ ਇਹ ਪੁੱਜੇ ਸਨ, ਉਸ ਨਾਲੋਂ ਦੂਜੇ ਠਿਕਾਣਿਆਂ ’ਤੇ ਚਲੇ ਗਏ ਤੇ ਕੰਮਕਾਜ ਕਰਨ ਲੱਗ ਪਏ। ਅਜਿਹੇ ਪ੍ਰਵਾਸੀਆਂ ਦੀ ਸ਼ਨਾਖ਼ਤ ਕਰਨੀ ਕੈਨੇਡਾ ਲਈ ਆਪਣੇ ਆਪ ਵਿਚ ਵੱਡੀ ਚੁਣੌਤੀ ਹੈ।