ਡੀਸੀ ਆਸ਼ਿਕਾ ਜੈਨ ਨੇ ਓਪਨ ਗਰਾਊਂਡ, ਸੈਕਟਰ 88, ਮੁਹਾਲੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ
ਮੋਹਾਲੀ, 18 ਨਵੰਬਰ, ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਵੇਂ ਚੁਣੇ ਗਏ ਪੰਚਾਂ ਦਾ ਸਹੁੰ ਚੁੱਕ ਸਮਾਗਮ ਭਲਕੇ ਮੰਗਲਵਾਰ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸੈਕਟਰ 88 ਦੇ ਓਪਨ ਗਰਾਊਂਡ (ਸਰਸ ਮੇਲਾ ਗਰਾਊਂਡ), ਨੇੜੇ ਮਾਨਵ ਮੰਗਲ ਸਕੂਲ, ਮੋਹਾਲੀ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਕੀਤਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਜੈਨ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਨਵੀਆਂ ਚੁਣੀਆਂ ਗਈਆਂ ਗ੍ਰਾਮ ਪੰਚਾਇਤਾਂ ਦੇ ਕੁੱਲ 1924 ਪੰਚਾਂ ਨੂੰ ਅਹੁਦੇ ਦੀ ਸਹੁੰ ਚੁੱਕਣ ਲਈ ਸੱਦਾ ਦਿੱਤਾ ਗਿਆ ਹੈ। ਮੁਹਾਲੀ, ਡੇਰਾਬੱਸੀ, ਖਰੜ ਅਤੇ ਮਾਜਰੀ ਬਲਾਕਾਂ ਤੋਂ ਪੰਚਾਂ ਲਈ ਕੁੱਲ ਚਾਰ ਬੈਠਣ ਵਾਲੇ ਬਲਾਕ ਬਣਾਏ ਗਏ ਹਨ।
ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਸਵੇਰੇ 11:00 ਵਜੇ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ। ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਹੋਣ ਲਈ ਵਿਧਾਇਕਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ।
ਉਨ੍ਹਾਂ ਇਸ ਵੱਕਾਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਥੇ ਮੌਜੂਦ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਅਤੇ ਉਨ੍ਹਾਂ ਨੂੰ ਬੈਠਣ, ਪਾਰਕਿੰਗ ਅਤੇ ਹੋਰ ਪ੍ਰਬੰਧਾਂ ਦੀ ਬਾਰੀਕੀ ਨਾਲ ਨਿਗਰਾਨੀ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੁਧਿਆਣਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਸਰਪੰਚਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਪੰਚਾਂ ਨੂੰ ਜ਼ਿਲ੍ਹਾ ਪੱਧਰ ‘ਤੇ ਸਹੁੰ ਚੁੱਕ ਸਮਾਗਮ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ ਤਾਂ ਜੋ ਉਨ੍ਹਾਂ ਨੂੰ ਆਪਣੇ ਅਹੁਦੇ ਪ੍ਰਤੀ ਜ਼ਿੰਮੇਵਾਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਰਸਮੀ ਸਹੁੰ ਚੁੱਕਣ ਤੋਂ ਬਾਅਦ ਗ੍ਰਾਮ ਪੰਚਾਇਤਾਂ ਰਸਮੀ ਤੌਰ ‘ਤੇ ਕੰਮ ਸ਼ੁਰੂ ਕਰ ਦੇਣਗੀਆਂ ਜਿਸ ਨਾਲ ਪਿੰਡ ਪੱਧਰ ‘ਤੇ ਵਿਕਾਸ ਕਾਰਜਾਂ ਨੂੰ ਵੱਡਾ ਹੁਲਾਰਾ ਮਿਲੇਗਾ।
ਸਮੀਖਿਆ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਜ) ਵਿਰਾਜ ਐਸ ਤਿਡਕੇ, ਐਸ ਡੀ ਐਮ ਮੁਹਾਲੀ ਦਮਨਦੀਪ ਕੌਰ, ਐਸ ਪੀ (ਟਰੈਫਿਕ) ਐਚ ਐਸ ਮਾਨ, ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਫੋਟੋ ਕੈਪਸ਼ਨ:
ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਭਲਕੇ ਮੁਹਾਲੀ ਵਿਖੇ ਹੋਣ ਵਾਲੇ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪੰਚਾਂ ਦੇ ਸਹੁੰ ਚੁੱਕ ਸਮਾਗਮ ਲਈ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।