ਚੰਡੀਗੜ੍ਹ, 20 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਅੱਜ ਜ਼ਿਮਨੀ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਇਨ੍ਹਾਂ ਸੀਟਾਂ ਵਿੱਚ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ਸ਼ਾਮਲ ਹਨ। ਵੋਟਿੰਗ ਪ੍ਰਕਿਰਿਆ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਦੌਰਾਨ ਸੁਰੱਖਿਆ ਪ੍ਰਬੰਧ ਮਜ਼ਬੂਤ ਰਹਿਣਗੇ।
ਸੱਤ ਲੱਖ ਦੇ ਕਰੀਬ ਵੋਟਰ ਆਪਣੀ ਵੋਟ ਪਾਉਣਗੇ। ਇਸ ਦੇ ਲਈ 831 ਪੋਲਿੰਗ ਬੂਥ ਬਣਾਏ ਗਏ ਹਨ। ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਛੇ ਲੱਖ 90 ਹਜ਼ਾਰ ਵੋਟਰ 45 ਉਮੀਦਵਾਰਾਂ ਲਈ ਆਪਣਾ ਫਤਵਾ ਦੇਣਗੇ। ਚਾਰ ਸਰਕਲਾਂ ਵਿੱਚ ਅਰਧ ਸੈਨਿਕ ਬਲ ਦੀਆਂ 17 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਪੰਜਾਬ ਪੁਲਿਸ ਦੇ ਕਰੀਬ ਛੇ ਹਜ਼ਾਰ ਮੁਲਾਜ਼ਮ ਵੀ ਡਿਊਟੀ ਸੰਭਾਲਣਗੇ। ਸਾਰੇ ਬੂਥਾਂ ‘ਤੇ ਲਾਈਵ ਵੈੱਬ ਕਾਸਟਿੰਗ ਹੋਵੇਗੀ।
ਇਨ੍ਹਾਂ ਚਾਰਾਂ ਸੀਟਾਂ ‘ਤੇ ਜ਼ਿਮਨੀ ਚੋਣ ਇਸ ਲਈ ਹੋ ਰਹੀ ਹੈ ਕਿਉਂਕਿ ਇੱਥੋਂ ਦੇ ਵਿਧਾਇਕ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਜਿਹੇ ‘ਚ ਇਹ ਸੀਟਾਂ ਖਾਲੀ ਹੋ ਗਈਆਂ ਸਨ। ਇਸੇ ਲਈ ਇਹ ਚੋਣਾਂ ਕਰਵਾਈਆਂ ਜਾ ਰਹੀਆਂ ਹਨ।