ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਨੂੰ ਪੰਜਾਬ ਯੂਨੀਵਰਸਿਟੀ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸੈਨੇਟ ਦੀਆਂ ਚੋਣਾਂ ਕਰਵਾਉਣ ਲਈ ਮਹੀਨਾ ਭਰ ਚੱਲੇ ਸੰਘਰਸ਼ ਵਿੱਚ ਹਿੱਸਾ ਲਿਆ। ਜਿੱਥੇ ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਅਤੇ ਹਰਿਆਣਾ ਵਿਧਾਨ ਸਭਾ ਲਈ ਚੰਡੀਗੜ੍ਹ ਵਿੱਚ ਥਾਂ ਦੇਣ ਦੇ ਮਾਮਲੇ ਵਿੱਚ ਤੁਰੰਤ ਵਿਧਾਨ ਸਭਾ ਦਾ ਸੈਸ਼ਨ ਸੱਦਣਾ ਚਾਹੀਦਾ ਹੈ। ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਸਮਝਿਆ ਜਾਵੇਗਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨਾਲ ਸੈਟਿੰਗ ਕੀਤੀ ਹੋਈ ਹੈ।
ਇਸ ਮੌਕੇ ਮਜੀਠੀਆ ਆਪਣੇ ਹੱਥ ਵਿੱਚ ਸੰਵਿਧਾਨ ਦੀ ਕਾਪੀ ਲੈ ਕੇ ਆਏ ਸਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਇਸ ਨੂੰ ਫੋਟੋ ਅਵਸਰ ਬਣਾ ਕੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ’ਤੇ ਪੰਜਾਬ ਦਾ ਹੱਕ ਹੈ। ਜੇਕਰ ਭਾਜਪਾ ਸੱਚਮੁੱਚ ਹੀ ਸੰਵਿਧਾਨ ਨੂੰ ਸਮਰਪਿਤ ਹੈ ਤਾਂ ਉਹ ਪੰਜਾਬ ਦੇ ਹੱਕਾਂ ਨੂੰ ਨਹੀਂ ਖੋਹ ਸਕਦੀ।