ਨਵੀਂ ਦਿੱਲੀ, 12 ਅਗਸਤ, ਦੇਸ਼ ਕਲਿਕ ਬਿਊਰੋ :
ਕੋਲਕਾਤਾ ਦੇ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਸੰਜੇ ਰਾਏ ਬਾਰੇ ਪੁਲਿਸ ਨੇ ਕੁਝ ਖੁਲਾਸੇ ਕੀਤੇ ਹਨ। ਪੁਲਸ ਨੇ ਦੱਸਿਆ ਕਿ 8 ਅਗਸਤ ਦੀ ਰਾਤ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਆਪਣੇ ਘਰ ਜਾ ਕੇ ਸੌਂ ਗਿਆ। ਜਦੋਂ ਉਹ ਅਗਲੀ ਸਵੇਰ ਜਾਗਿਆ, ਤਾਂ ਉਸ ਨੇ ਸਭ ਤੋਂ ਪਹਿਲਾਂ ਸਬੂਤ ਮਿਟਾਉਣ ਲਈ ਆਪਣੇ ਕੱਪੜੇ ਧੋਏ ਸਨ। ਹਾਲਾਂਕਿ ਪੁੱਛਗਿੱਛ ਦੌਰਾਨ ਪੁਲਸ ਨੂੰ ਉਸ ਦੀ ਜੁੱਤੀ 'ਤੇ ਖੂਨ ਦੇ ਧੱਬੇ ਮਿਲੇ ਹਨ।
ਇਸ ਦੇ ਨਾਲ ਹੀ ਰੈਜ਼ੀਡੈਂਟ ਡਾਕਟਰਾਂ ਦੀ ਸੰਸਥਾ ਫੈਡਰੇਸ਼ਨ ਆਫ ਆਲ ਇੰਡੀਆ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਨੇ ਐਲਾਨ ਕੀਤਾ ਹੈ ਕਿ ਅੱਜ ਤੋਂ ਪੂਰੇ ਦੇਸ਼ ਵਿੱਚ 12 ਅਗਸਤ ਤੋਂ ਹੜਤਾਲ ਕੀਤੀ ਜਾਵੇਗੀ। ਦਿੱਲੀ ਦੇ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਸਾਰੀਆਂ ਚੋਣਵੀਆਂ ਸੇਵਾਵਾਂ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ।
ਡਾਕਟਰਾਂ ਨੇ ਐਤਵਾਰ ਨੂੰ ਹੜਤਾਲ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਰਨ ਅਤੇ ਸਿਹਤ ਕਰਮਚਾਰੀਆਂ ਦੀ ਸੁਰੱਖਿਆ ਦੀ ਮੰਗ ਨੂੰ ਲੈ ਕੇ ਇਹ ਕਦਮ ਚੁੱਕਿਆ ਗਿਆ ਹੈ। ਡਾਕਟਰਾਂ ਦੀ ਮੰਗ ਹੈ ਕਿ ਇਸ ਘਟਨਾ ਦੀ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।