ਚੰਡੀਗੜ੍ਹ, 23 ਅਗਸਤ, ਦੇਸ਼ ਕਲਿਕ ਬਿਊਰੋ :
ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਸਾਥੀ ਦਲਜੀਤ ਕਲਸੀ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇਸ ਦੌਰਾਨ ਉਸ ਨੇ ਆਪਣੇ 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਨੂੰ ਫਿਰ ਤੋਂ ਚੁਣੌਤੀ ਦਿੱਤੀ ਹੈ। ਉਸ ਨੇ ਅਦਾਲਤ ਨੂੰ ਕਿਹਾ ਹੈ ਕਿ ਉਸ ਦਾ ਅਜਨਾਲਾ ਕੇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਅਜਿਹੇ 'ਚ ਉਨ੍ਹਾਂ 'ਤੇ NSA ਥੋਪਣਾ ਗਲਤ ਹੈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਤਿੰਨ ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਸਤੰਬਰ ਲਈ ਤੈਅ ਕੀਤੀ ਗਈ ਹੈ।
ਦਲਜੀਤ ਸਿੰਘ ਕਲਸੀ ਕਰੀਬ ਡੇਢ ਸਾਲ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਸ ਵੱਲੋਂ ਵਕੀਲਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਸ ਦਾ ਨਾਂ ਵੀ 23 ਫਰਵਰੀ 2023 ਨੂੰ ਅਜਨਾਲਾ ਥਾਣੇ ’ਤੇ ਹੋਏ ਹਮਲੇ ਦੀ ਐਫਆਈਆਰ ਵਿੱਚ ਹੈ। ਜਦੋਂਕਿ ਉਹ ਇਸ ਵਿੱਚ ਸ਼ਾਮਲ ਨਹੀਂ ਸੀ। ਨਾ ਹੀ ਉਸ ਵਿਰੁੱਧ ਕੋਈ ਅਹਿਮ ਸਬੂਤ ਹੈ।