ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਸਾਂਝੇ ਸੰਘਰਸ਼ਾਂ ਠਾਕੁਰ ਸਿੰਘ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ
ਦਲਜੀਤ ਕੌਰ
ਚੰਡੀਗੜ੍ਹ, 21 ਜੂਨ, 2023: ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ.) ਦੇ ਸੂਬਾ ਪ੍ਰਧਾਨ ਅਤੇ ਪੰਜਾਬ-ਯੂ.ਟੀ. ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੂਬਾ ਕਨਵੀਨਰ ਸਾਥੀ ਠਾਕੁਰ ਸਿੰਘ ਦੇ ਬੇਵਕਤੀ ਅਕਾਲ ਚਲਾਣਾ ਕਰ ਜਾਣ ਨੂੰ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਲਹਿਰ ਲਈ ਵੱਡਾ ਘਾਟਾ ਦੱਸਦਿਆਂ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਸੂਬਾ ਕਮੇਟੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਦਿਮਾਗ ਵਿੱਚ ਕਲੌਟ ਆ ਜਾਣ ਕਾਰਨ ਉਹ ਪਿਛਲੇ ਇੱਕ ਮਹੀਨੇ ਤੋਂ ਜੇਰੇ ਇਲਾਜ਼ ਸਨ।
ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਜਨਰਲ ਸਕੱਤਰ ਹਰਦੀਪ ਟੋਡਰਪੁਰ ਅਤੇ ਵਿੱਤ ਸਕੱਤਰ ਹਰਿੰਦਰ ਦੁਸਾਂਝ ਨੇ ਆਖਿਆ ਕਿ ਸਾਂਝੇ ਫਰੰਟ ਵਿੱਚ ਸਾਥੀ ਠਾਕੁਰ ਸਿੰਘ ਜੀ ਮਹੱਤਵਪੂਰਣ ਭੂਮਿਕਾ ਨਿਭਾਅ ਰਹੇ ਸਨ। ਉਹਨਾਂ ਕਿਹਾ ਕਿ ਮੀਟਿੰਗਾਂ ਦੌਰਾਨ ਪੰਜਾਬ ਸਰਕਾਰ ਦੇ ਮੰਤਰੀ ਅਤੇ ਆਈ.ਏ.ਐੱਸ. ਅਧਿਕਾਰੀ ਸ੍ਰ. ਠਾਕੁਰ ਸਿੰਘ ਦੁਆਰਾ ਦਿੱਤੀਆਂ ਦਲੀਲਾਂ ਅਤੇ ਪੇਸ਼ ਕੀਤੇ ਤੱਥਾਂ ਸਾਹਮਣੇ ਲਾਜਵਾਬ ਹੋ ਜਾਂਦੇ ਸਨ। ਆਗੂਆਂ ਨੇ ਆਖਿਆ ਕਿ ਸ੍ਰ. ਠਾਕੁਰ ਸਿੰਘ ਹਮੇਸ਼ਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਸੰਘਰਸ਼ ਉਸਾਰਨ ਲਈ ਲਗਾਤਾਰ ਯਤਨਸ਼ੀਲ ਸਨ ਇਸ ਲਈ ਉਹਨਾਂ ਦੁਆਰਾ ਨਿਭਾਏ ਗਏ ਇਸ ਯੋਗਦਾਨ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।