ਫਿਰੋਜ਼ਪੁਰ, 6 ਸਤੰਬਰ, ਦੇਸ਼ ਕਲਿਕ ਬਿਊਰੋ :
ਫ਼ਿਰੋਜ਼ਪੁਰ ਵਿੱਚ ਅੱਜ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਗੋਲੀਆਂ ਚਲਾਈਆਂ ਗਈਆਂ। ਗੋਲੀਬਾਰੀ ਦੀ ਇਸ ਘਟਨਾ ਨੇ ਇੱਕ ਵਾਰ ਫਿਰ ਸਨਸਨੀ ਮਚਾ ਦਿੱਤੀ ਹੈ।ਬਦਮਾਸ਼ਾਂ ਨੇ ਇੱਕ ਵਿਅਕਤੀ 'ਤੇ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ ਫ਼ਿਰੋਜ਼ਪੁਰ ਦੇ ਪਿੰਡ ਬਰੇਕੇ ਦੀ ਹੈ। ਪਿੰਡ ਬਰੇਕੇ 'ਚ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਆੜ੍ਹਤੀ ਗੁਰਮੀਤ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ। ਗੁਰਮੀਤ ਨੂੰ ਦੋ ਗੋਲੀਆਂ ਲੱਗੀਆਂ। ਗੋਲੀਆਂ ਲੱਗਣ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀਆਂ ਨੂੰ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: - ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਕਾਂਗਰਸ ‘ਚ ਸ਼ਾਮਲ
ਜਾਣਕਾਰੀ ਮੁਤਾਬਕ ਗੋਲੀਬਾਰੀ ਦੀ ਇਹ ਘਟਨਾ ਦੁਪਹਿਰ 1.30 ਤੋਂ 2.00 ਵਜੇ ਦੇ ਦਰਮਿਆਨ ਵਾਪਰੀ।ਆੜ੍ਹਤੀ ਗੁਰਮੀਤ ਸਿੰਘ ਆਪਣੀ ਦੁਕਾਨ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਆਇਆ ਸੀ। ਜਿਵੇਂ ਹੀ ਉਹ ਘਰ ਦੇ ਬਾਹਰ ਮੋਟਰਸਾਈਕਲ ਪਾਰਕ ਕਰ ਰਿਹਾ ਸੀ ਤਾਂ ਮੋਟਰਸਾਈਕਲ 'ਤੇ ਆਏ ਦੋ ਬਦਮਾਸ਼ਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਗੁਰਮੀਤ ਦੀ ਗਰਦਨ ਨੂੰ ਛੂਹ ਕੇ ਲੰਘ ਗਈ। ਆੜ੍ਹਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਗੁਰਮੀਤ ਦਾ ਇਲਾਜ ਚੱਲ ਰਿਹਾ ਹੈ, ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ। ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਜਾ ਰਿਹਾ ਹੈ।